ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਹੋਈ
- ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ
- 73ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ-ਸੰਦੀਪ ਹੰਸ
ਰਿਚਾ ਨਾਗਪਾਲ,ਪਟਿਆਲਾ, 25 ਜਨਵਰੀ :2022
26 ਜਨਵਰੀ ਨੂੰ ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਤੇ ਯੋਜਨਾਬੰਦੀ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਅੱਜ ਇੱਥੇ ਐਸ.ਐਸ.ਪੀ. ਡਾ. ਸੰਦੀਪ ਗਰਗ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 8 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਦੋ ਟੁਕੜੀਆਂ ਜ਼ਿਲ੍ਹਾ ਪਟਿਆਲਾ ਪੁਲਿਸ ਦੇ ਪੁਰਸ਼ਾਂ ਦੀਆਂ ਅਤੇ ਇੱਕ ਟੁਕੜੀ ਮਹਿਲਾ ਵਿੰਗ ਪਟਿਆਲਾ ਅਤੇ ਹੋਮ ਗਾਰਡਜ਼ ਦੀ ਇੱਕ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ ਅਤੇ ਫਸਟ ਆਈ.ਆਰ.ਬੀ. ਪਟਿਆਲਾ ਦਾ ਪਾਈਪ ਬੈਂਡ ਸ਼ਾਮਲ ਹੋਵੇਗਾ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਮੋਹਿਤ ਅਗਰਵਾਲ ਕਰਨਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸੇ ਦੌਰਾਨ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।