ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
– ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਚੋਣਾਂ ‘ਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ
– ਵੋਟ ਦੇ ਫਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਵੀ ਕੀਤਾ ਪ੍ਰੇਰਿਤ
ਦਵਿੰਦਰ ਡੀ.ਕੇ,ਲੁਧਿਆਣਾ, 25 ਜਨਵਰੀ 2022
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਸਨ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ 25 ਜਨਵਰੀ 2011 ਤੋਂ ਮਨਾਏ ਜਾ ਰਹੇ ਇਸ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ ਵੋਟ ਦਾ ਅਧਿਕਾਰ ਸਾਡੇ ਸੰਵਿਧਾਨ ਵੱਲੋਂ ਦਿੱਤੇ ਸਭ ਤੋਂ ਵੱਡੇ ਸਾਧਨਾਂ ਵਿੱਚੋਂ ਇੱਕ ਹੈ।
ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਹੈ ਅਤੇ ਸਾਰਿਆਂ ਨੂੰ ਇਹ ਫਰਜ਼ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਹੀ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤ ਵਰਗੇ ਆਜ਼ਾਦ ਦੇਸ਼ ਵਿੱਚ ਰਹਿ ਕੇ ਮਾਣ ਮਹਿਸੂਸ ਕਰਦੇ ਹਾਂ, ਪਰ ਸਾਨੂੰ ਸਾਰਿਆਂ ਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਭਾਰਤ ਨੂੰ ਬਹੁਤ ਸੰਘਰਸ਼ ਤੋਂ ਬਾਅਦ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਜੋ ਕਿ ਸਾਡਾ ਫਰਜ਼ ਵੀ ਹੈ।
ਇਸ ਮੌਕੇ 18-19 ਉਮਰ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਕੀਤੇ ਗਏ ਕੰਮਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ. ਸਮਰਾਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਰਵੋਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਸ੍ਰੀ ਵਰਿੰਦਰ ਕੁਮਾਰ ਪਾਠਕ, ਕੈਮਿਸਟਰੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਲੁਧਿਆਣਾ ਨੂੰ ਸਰਵੋਤਮ ਨੋਡਲ ਅਫਸਰ ਅਤੇ ਜਸਪ੍ਰੀਤ ਸਿੰਘ, ਪੰਜਾਬੀ ਅਧਿਆਪਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਸਰਵੋਤਮ ਬੂਥ ਲੈਵਲ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ।
ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਨੂੰ ਐਪਿਕ ਕਾਰਡ ਸੌਂਪੇ ਗਏ ਜਿਸ ਵਿੱਚ ਅਭਿਨਵ ਪਰਾਸ਼ਰ, ਸ਼ੀਤਲ, ਗੁਰਲੀਨ ਕੌਰ ਅਤੇ ਕੋਮਲ ਸ਼ਰਮਾ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਾਜ਼ਰ ਸਮੂਹ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਤੰਤਰ ਅਤੇ ਨਿਰਪੱਖਤਾ ਨਾਲ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ।