ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕੀ ਫਸਲ ਲਿਆਉਣ ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਦੀ ਅਪੀਲ
ਸੋਨੀ ਪਨੇਸਰ ਬਰਨਾਲਾ 23 ਅਪਰੈਲ 2020
ਮਾਰਕਫੈਡ ਦੇ ਐਮਡੀ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਬਰਨਾਲਾ ਵਿਚ ਅਨਾਜ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਬਰਨਾਲਾ ਅਤੇ ਧਨੌਲਾ ਅਨਾਜ ਮੰਡੀਆਂ ਦਾ ਦੌਰਾ ਕੀਤਾ।
ਸ੍ਰੀ ਵਰੁਣ ਰੂਜਮ ਨੇ ਕਿਹਾ ਕਿ ਕਿਸਾਨਾਂ ਲਈ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਂਦੇ ਹੋਏ ਸਰਕਾਰ ਦੁਆਰਾ ਕੋਵਿਡ ਲਈ ਨਿਰਧਾਰਿਤ ਨਿਯਮਾਂ ਦੀ ਵੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਮੰਡੀਆਂ ਵਿੱਚ ਆਉਣ ਵਾਲੇ ਹਰੇਕ ਵਰਗ ਨੂੰ ਸਮਾਜਿਕ ਦੂਰੀ, ਮਾਸਕ, ਸੈਨੇਟਾਈਜ਼ਰ, ਸਾਫ਼ ਸਫ਼ਾਈ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੇ ਇਕੱਠ ਤੋਂ ਪੂਰੀ ਤਰ੍ਹਾਂ ਬਚਿਆ ਜਾਵੇ। ਮੰਡੀਆਂ ਵਿਚ ਸੁੱਕੀ ਫਸਲ ਹੀ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਸ੍ਰੀ ਰੂਜਮ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਅਤੇ ਕੋਵਿਡ 19 ਦੇ ਮੱਦੇਨਜ਼ਰ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 159829 ਮੀਟ੍ਰਿਕ ਟਨ ਕÎਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 142695 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਤੇ ਲਿਫਟਿੰਗ ਵੀ ਨਾਲੋ ਨਾਲ ਜਾਰੀ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।