ਜਿਲ੍ਹਾ ਚੋਣ ਅਫ਼ਸਰ ਵੱਲੋ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦਾ ਲਿਆ ਗਿਆ ਜਾਇਜਾ
- ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ
- ਮੁੱਲ ਦੀ ਖਬਰ ਲਗਾਉਣ ਉਤੇ ਹੋਵੇਗੀ ਸਖਤ ਕਾਰਵਾਈ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 28 ਜਨਵਰੀ 2022
ਜਿਲ੍ਹੇ ਅੰਦਰ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਤੱਖੀ ਨਜ਼ਰ ਰੱਖ ਰਹੀ ਹੈ, ਜਿਸਨੇ ਆਪਣਾ ਕੰਮ ਚੋਣ ਜਾਬਤੇ ਦੇ ਨਾਲ ਹੀ ਚਾਲੂ ਕਰ ਦਿੱਤਾ। ਇਹ ਪ੍ਰਗਟਾਵਾ ਜਿਲ੍ਹਾ ਚੋਣ ਅਫਸਰ ਗਿਰਿਸ ਦਿਆਲਨ ਨੇ ਅੱਜ ਦਫਤਰ ਜਿਲ੍ਹਾ ਲੋਕ ਸੰਪਰਕ ਦਫਤਰ ਵਿਖੇ ਬਣਾਈ ਗਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦਾ ਜਾਇਜਾ ਲੈਣ ਉਪਰੰਤ ਕੀਤਾ।
ਜਿਲ੍ਹਾ ਚੋਣ ਅਫਸਰ ਨੇ ਐੱਮ.ਸੀ.ਐੱਮ.ਸੀ ਵਿੱਚ ਡਿਊਟੀ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਿਹਾਰ ਦੇਣ ਲਈ ਐਮ ਸੀ ਐਮ ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਕਮਰਾ ਨੰਬਰ A-023 ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇਗੀ, ਉਥੇ ਇਸ਼ਿਤਹਾਰ ਬਣਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ।
ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ। ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫਸਰ ਅਰੁਣ ਚੌਧਰੀ, ਜਸਪ੍ਰੀਤ ਸਿੰਘ, ਰੋਹਿਤ ਸ਼ਰਮਾ, ਗੁਰਵਿੰਦਰ ਸਿੰਘ , ਈਸ਼ਵਰ ਦਾਸ, ਰਵੀ ਇੰਦਰ ਸਿੰਘ, ਕੁਲਵੰਤ ਸਿੰਘ, ਗੁਰਸਾਹਿਬ ਸਿੰਘ, ਗੁਰਬਚਨ ਸਿੰਘ ਆਦਿ ਹਾਜਰ ਸਨ।