ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ
- ਬਿਨਾਂ ਕਿਸੇ ਡਰ ਦੇ ਆਪਣੀ ਇੱਛਾ ਅਨੁਸਾਰ ਵੋਟ ਦਾ ਇਸਤੇਮਾਲ ਕਰਨ ਦਾ ਦਿੱਤਾ ਸੰਦੇਸ਼
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 4 ਫਰਵਰੀ 2022
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸਨਰ ਗਿਰੀਸ਼ ਦਿਆਲਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਦੀ ਨਿਗਰਾਨੀ ਹੇਠ ਅੱਜ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਢਿਆ ਗਿਆ।
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਹ ਫਲੈਗ ਮਾਰਚ ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਆਪਣੀ ਮਰਜ਼ੀ ਦੇ ਨਾਲ ਕਰ ਸਕਦਾ ਹੈ। ਚੋਣਾਂ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਵੋਟ ਰਾਹੀਂ ਪਾਉਣ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਵਿੱਚ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਦੇ ਜਵਾਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਹੈ ਕਿਸੇ ਦੇ ਮਨ ਵਿੱਚ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੋਣਾ ਚਾਹੀਦਾ। ਸਾਰਿਆਂ ਦੀ ਸੁਰੱਖਿਆ ਦੇ ਲਈ ਜਵਾਨ ਪੂਰੀ ਤਰ੍ਹਾਂ ਮੁਸਤੈਦ ਹਨ। ਲੋਕ ਬਿਨ੍ਹਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਵੋਟ ਦਾ ਪ੍ਰਯੋਗ ਕਰ ਸਕਦੇ ਹਨ। ਉਨ੍ਹਾਂ ਨੇ ਵੀ ਸਾਰੇ ਯੋਗ ਵੋਟਰਾਂ ਨੂੰ ਆਪਣੀ ਇੱਛਾ ਅਨੁਸਾਰ ਵੋਟ ਦਾ ਇਸਤੇਮਾਲ ਕਰਨ ਲਈ ਅਪੀਲ ਕੀਤੀ।