ਸਨੌਰ ਹਲਕੇ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਉਤੇ ਦੂਰ ਕੀਤਾ ਜਾਵੇਗਾ
- ਮੇਰਾ ਮੁੱਖ ਮਕਸਦ ਹਲਕੇ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਜੀਵਨ ਪੱਧਰ ਉਚਾ ਚੁੱਕਣਾ : ਬਿਕਰਮ ਚਹਿਲ
ਰਿਚਾ ਨਾਗਪਾਲ,ਸਨੌਰ (ਪਟਿਆਲਾ), 5 ਫਰਵਰੀ 2022
ਸਨੌਰ ਹਲਕਾ ਵਾਸੀਆਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਉਤੇ ਦੂਰ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਿਹਤ, ਸਿੱਖਿਆ ਅਤੇ ਰੋਜਗਾਰ ਦੇ ਲਈ ਖਾਸ ਕਦਮ ਚੁੱਕੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਵੱਖ ਵੱਖ ਪਿੰਡਾਂ ਦੇ ਕੀਤੇ ਦੌਰੇ ਦੌਰਾਨ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਬਿਕਰਮ ਚਹਿਲ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕਾਂ ਨੂੰ ਪੀਣ ਦੇ ਲਈ ਸਾਫ ਪਾਣੀ ਵੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਮੈਂ ਹਲਕਾ ਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆਂ ਕਰਾਉਣ ਦੇ ਲਈ ਹਰ ਯਤਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੀ ਪੂਰੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਕਿਹਾ ਕਿ ਮ ਕਿ ਇਸ ਖੇਤਰ ਵਿੱਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਲਈ ਹਾਲੇ ਬੁਹਤ ਕੰਮ ਕਰਨ ਦੀ ਲੋੜ ਹੈ ਅਤੇ ਮੇਰਾ ਚੋਣ ਲੜਣ ਦਾ ਇਕੋ ਇਕ ਸੁਪਨਾ ਹੈ ਕਿ ਮੈਂ ਲੋਕਾਂ ਦੀਆਂ ਮੁਢਲੀਆਂ ਲੋੜਾਂ ਨੂੰ ਪੂਰਾ ਕਰਦਾ ਹੋਇਆ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕਰਕੇ ਜੀਵਨ ਪੱਧਰ ਉਚਾ ਚੁੱਕ ਸਕਾ।