26 ਸਾਲ ਤੋਂ ਅਕਾਲੀ ਦਲ ਨਾਲ ਜੁੜੇ ਆਗੂ ਨੇ ਆਪਣੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਨੂੰ ਮਾਰੀ ਠੋਕਰ
ਹਰਿੰਦਰ ਨਿੱਕਾ, ਬਰਨਾਲਾ 7 ਫਰਵਰੀ 2022
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਦਿੰਦਿਆਂ, ਦਲ ਦੇ ਸਾਬਕਾ ਸੈਨਿਕ ਵਿੰਗ ਦੇ ਸੂਬਾਈ ਪ੍ਰਧਾਨ ਨੇ ਆਪਣੇ ਅਹੁਦੇ ਅਤੇ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਅਲਵਿਦਾ ਆਖ ਦਿੱਤਾ ਹੈ। ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਪ੍ਰਧਾਨ ਇੰਜੀਨਿਅਰ ਗੁਰਜਿੰਦਰ ਸਿੰਘ ਸਿੱਧੂ ਨੇ ਪਾਰਟੀ ਪ੍ਰਧਾਨ ਅਤੇ ਅਕਾਲੀ ਬਸਪਾ ਗੱਠਜੋੜ ਵੱਲੋਂ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫੇ ਵਿੱਚ ਕਿਹਾ ਹੈ ਕਿ ਉਹ ਪਿਛਲੇ ਕਰੀਬ 26 ਸਾਲ ਤੋਂ ਪਾਰਟੀ ਦਾ ਵਫਾਦਰ ਸਿਪਾਹੀ ਰਿਹਾ ਹੈ ਅਤੇ ਪਾਰਟੀ ਦੇ ਹਰ ਹੁਕਮ ਦੀ ਪਾਲਣਾ ਮੂਹਰਲੀਆਂ ਸਫਾਂ ਵਿੱਚ ਰਹਿ ਕੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਹੈ । ਪਰੰਤੂ ਅੱਜ ਮੈਂ ਬੜੇ ਹੀ ਭਾਰੀ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਿੰਗ, ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ ਅਤੇ ਨਾਲ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਭੀ ਅਸਤੀਫਾ ਦੇ ਰਿਹਾ ਹਾਂ।
ਟੂਡੇ ਨਿਊਜ ਨਾਲ ਗੱਲਬਾਤ ਕਰਦਿਆਂ ਇੰਜੀਨਿਅਰ ਸਿੱਧੂ ਨੇ ਕਿਹਾ ਕਿ ਜਦੋਂ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਸੁਖਬੀਰ ਸਿੰਘ ਬਾਦਲ ਨੇ ਸੰਭਾਲ ਲਈ ਹੈ, ਉਦੋਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਹਨਤੀ ਵਰਕਰਾਂ ਅਤੇ ਆਗੂਆਂ ਦੀ ਦਲ ਵਿੱਚ ਕੋਈ ਪੁੱਛਗਿੱਛ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਲੱਗਭੱਗ ਸਾਰੇ ਵਿੰਗ ਸਿਰਫ ਖਾਨਾਪੂਰਤੀ ਲਈ ਹੀ ਬਣਾਏ ਗਏ ਹਨ, ਨਾ ਕਦੇ ਟਿਕਟਾਂ ਦੇਣ ਅਤੇ ਨਾ ਹੀ ਚੋਣ ਮੈਨੀਫੈਸਟੋ ਤਿਆਰ ਕਰਨ ਸਮੇਂ , ਵੱਖ ਵੱਖ ਵਿੰਗਾਂ ਨਾਲ ਕੋਈ ਰਾਇ ਮਸ਼ਵਰਾ ਹੀ ਨਹੀਂ ਲਿਆ ਜ਼ਾਂਦਾ। ਸਿੱਧੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਜਦੋਂ ਕਦੇ ਬਰਨਾਲਾ ਜਿਲ੍ਹੇ ਅੰਦਰ ਆਉਂਦੇ ਵੀ ਹਨ, ਕੋਈ ਸੱਦਾ ਸੈਨਿਕ ਵਿੰਗ ਨੂੰ ਨਹੀਂ ਦਿੱਤਾ ਜਾਂਦਾ। ਜਿਸ ਕਾਰਣ ਸਾਬਕਾ ਸੈਨਿਕ ਵਿੰਗ ਦੇ ਵਰਕਰਾਂ ਅਤੇ ਆਗੂਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਣ ਉਨ੍ਹਾਂ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। ਸਿੱਧੂ ਨੇ ਆਪਣੀ ਅਗਲੀ ਰਣਨੀਤੀ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ। ਉਨਾਂ ਕਿਹਾ ਕਿ ਸਾਬਕਾ ਸੈਨਿਕ ਵਿੰਗ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਜਲਦ ਹੀ ਸੂਬਾ ਪੱਧਰੀ ਮੀਟਿੰਗ ਕਰਕੇ, ਕੋਈ ਫੈਸਲਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਹ ਸਾਬਕਾ ਸੈਨਿਕਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦੇਣ ਵਾਲੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲੈਣਗੇ।