ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ 10ਵੀਂ ਸਲਾਨਾ ਸਪੋਰਟਸ ਮੀਟ ਦੇ ਉਦਘਾਟਨੀ ਸਮਾਰੋਹ ਦਾ ਆਯੋਜਨ
ਅਸ਼ੋਕ ਵਰਮਾ,ਬਠਿੰਡਾ, 11 ਫਰਵਰੀ:2022
ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ 10ਵੀਂ ਸਲਾਨਾ ਸਪੋਰਟਸ ਮੀਟ ਦਾ ਉਦਘਾਟਨੀ ਸਮਾਰੋਹ ਕਰਵਾਇਆ ਗਿਆ। ਸੀਯੂਪੀਬੀ ਸਪੋਰਟਸ ਮੀਟ-2022 ਦੇ ਵਿਸ਼ੇਸ਼ ਆਕਰਸ਼ਨ ਪੰਜਾਬ ਦੀਆਂ ਦੇਸੀ ਖੇਡਾਂ, ਜਿਵੇਂ ਕਿ ਪਿਠੂ ਗਰਮ, ਸਟਾਪੂ, ਗਿੱਲੀ ਡੰਡਾ, ਕਬੱਡੀ, ਰੱਸਾਕਸ਼ੀ ਆਦਿ ਹਨ। ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮਬੀਐਸਪੀਐਸਯੂ), ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਡਾ. ਜੇ.ਐਸ. ਚੀਮਾ ਉਦਘਾਟਨ ਸੈਸ਼ਨ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਉਦਘਾਟਨੀ ਸਮਾਰੋਹ ਦੌਰਾਨ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਡਾ. ਜੇ.ਐਸ. ਚੀਮਾ ਨੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ ਅਤੇ ਮਸ਼ਾਲ ਜਗਾ ਕੇ ਤੇ ਨਾਲ ਹੀ ਰੰਗ-ਬਿਰੰਗੇ ਗੁਬਾਰੇ ਹਵਾ ਵਿੱਚ ਛੱਡ ਕੇ ਸੀਯੂਪੀਬੀ 10ਵੀਂ ਸਪੋਰਟਸ ਮੀਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਦੌਰਾਨ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਨ ਦਾ ਪ੍ਰਣ ਲਿਆ। ਪ੍ਰੋਗਰਾਮ ਦੌਰਾਨ ਅਧਿਆਪਕ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮਹਿਮਾਨਾਂ ਦਾ ਸੁਆਗਤ ਕਰਦਿਆਂ ਰਜਿਸਟਰਾਰ ਸ੍ਰੀ ਕੰਵਲ ਪਾਲ ਸਿੰਘ ਮੁੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਮਨੁੱਖ ਵਿੱਚ ਟੀਮ ਭਾਵਨਾ, ਲੀਡਰਸ਼ਿਪ ਹੁਨਰ ਅਤੇ ਅਸਫਲਤਾ ਦਾ ਸਾਹਮਣਾ ਕਰਦੇ ਹੋਏ ਅੱਗੇ ਵਧਣ ਦੀ ਯੋਗਤਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਲੈਫਟੀਨੈਂਟ ਜਨਰਲ ਡਾ. ਜੇ.ਐਸ. ਚੀਮਾ ਨੇ 10ਵੀਂ ਸਲਾਨਾ ਸਪੋਰਟਸ ਮੀਟ ਦੇ ਸ਼ਾਨਦਾਰ ਆਯੋਜਨ ਲਈ ਸਰੀਰਕ ਸਿੱਖਿਆ ਵਿਭਾਗ ਦੀ ਪ੍ਰਸ਼ੰਸਾ ਕੀਤੀ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਦੇ ਜੋਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਨਲਾਈਨ ਸਿੱਖਿਆ ਦੇ ਯੁੱਗ ਵਿੱਚ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਨੂੰ ਵਧਾਉਣ ਲਈ ਨਿਯਮਤ ਆਫਲਾਈਨ ਫੀਲਡ ਗਤੀਵਿਧੀਆਂ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਪ੍ਰੋਗਰਾਮ ਵਿੱਚ ਹੋਰ ਖੇਡ ਮੁਕਾਬਲਿਆਂ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਖੇਡਾਂ ਨੂੰ ਸ਼ਾਮਲ ਕਰਨ ਲਈ ਯੂਨੀਵਰਸਿਟੀ ਦੇ ਕਦਮ ਦੀ ਵੀ ਸ਼ਲਾਘਾ ਕੀਤੀ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ ਚਾਂਸਲਰ ਪ੍ਰੋ.ਆਰ.ਪੀ.ਤਿਵਾਰੀ ਨੇ ਖੇਡਾਂ ਦੇ ਮਹੱਤਵ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਹੁਣ ਖੇਡਾਂ ਵਿਦਿਅਕ ਸੰਸਥਾਵਾਂ ਵਿੱਚ ਪਾਠਕ੍ਰਮ ਦਾ ਮਹੱਤਵਪੂਰਨ ਅੰਗ ਬਣ ਗਈਆਂ ਹਨ, ਜੋ ਪਹਿਲਾਂ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਦਾ ਹਿੱਸਾ ਮੰਨੀਆਂ ਜਾਂਦੀਆਂ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਨੂੰ ਪਾਠਕ੍ਰਮ ਦੇ ਇੱਕ ਅਹਿਮ ਹਿੱਸੇ ਵਜੋਂ ਵੀ ਸ਼ਾਮਲ ਕੀਤਾ ਗਿਆ ਹੈ। ਪ੍ਰੋ. ਤਿਵਾਰੀ ਨੇ ਖੇਡਾਂ ਵਿੱਚ ਨਵੇਂ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਨ ਲਈ ਐਮਬੀਐਸਪੀਐਸਯੂ ਵਾਈਸ ਚਾਂਸਲਰ ਡਾ. ਜੇ.ਐਸ. ਚੀਮਾ ਦੀ ਸ਼ਲਾਘਾ ਕੀਤੀ ਅਤੇ ਐਨਈਪੀ2020 ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਡਿਊਲ ਡਿਗਰੀ ਪ੍ਰੋਗਰਾਮ/ਸੰਯੁਕਤ ਡਿਗਰੀ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਸਪੋਰਟਸ ਮੀਟ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਫਾਈਨਲ ਮੁਕਾਬਲੇ ਹੋਣਗੇ, ਜਿਨ੍ਹਾਂ ਦੇ ਕੁਆਲੀਫਾਇਰ ਮੁਕਾਬਲੇ 4 ਫਰਵਰੀ, 2022 ਨੂੰ ਸ਼ੁਰੂ ਹੋਏ ਸਨ। ਉਦਘਾਟਨੀ ਸਮਾਰੋਹ ਦੌਰਾਨ ਯੂਨੀਵਰਸਿਟੀ ਅਧਿਕਾਰੀਆਂ ਨੇ ਕਬੱਡੀ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਪੰਜਾਬ ਦੀਆਂ ਸਵਦੇਸ਼ੀ ਖੇਡਾਂ ਦੇ ਨਾਲ, ਸੀਯੂਪੀਬੀ ਸਪੋਰਟਸ ਮੀਟ-2022 ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਲਈ ਡਿਸਕਸ ਥਰੋਅ, ਸ਼ਾਟ ਪੁਟ, ਵਾਲੀਬਾਲ, ਬੈਡਮਿੰਟਨ, 100 ਮੀਟਰ ਦੌੜ ਅਤੇ 50 ਮੀਟਰ ਦੌੜ ਵਰਗੀਆਂ ਵੱਖ-ਵੱਖ ਖੇਡਾਂ ਹੋਣਗੀਆਂ।