ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵੱਡੇ ਪੱਧਰ ‘ਤੇ ਮਨਾਉਣ ਲਈ ਰੂਪ-ਰੇਖਾ ਉਲੀਕੀ
ਰਿਚਾ ਨਾਗਪਾਲ,ਪਟਿਆਲਾ 18 ਫਰਵਰੀ 2022
ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ। ਭਾਸ਼ਾ ਵਿਭਾਗ ਦੀ ਸੰਯੁਕਤ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਮੁੱਖ ਸਮਾਗਮ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਮੌਕੇ ਮੁੱਖ ਮਹਿਮਾਨ ਵਜੋਂ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਸ਼ਮੂਲੀਅਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਕਿਰਪਾਲ ਕਜ਼ਾਕ ਕਰਨਗੇ ਅਤੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਤੇ ਮੁਖੀ ਡਾ. ਭੀਮਇੰਦਰ ਸਿੰਘ ਕੁੰਜੀਵਤ ਭਾਸ਼ਣ ਦੇਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਤੋਂ ਇਲਾਵਾ ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ।
ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਮਾਤ ਭਾਸ਼ਾ ਦਿਵਸ ਸਬੰਧੀ ਰਾਜ ਦੇ ਹਰੇਕ ਜ਼ਿਲ੍ਹੇ ‘ਚ ਭਾਸ਼ਾ ਵਿਭਾਗ ਵੱਲੋਂ ਸਮਾਗਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ ਹੀ ਰਾਜ ਦੀਆਂ ਵਿੱਦਿਅਕ ਸੰਸਥਾਵਾਂ ‘ਚ ਵੀ ਆਪਣੇ ਪੱਧਰ ‘ਤੇ 21 ਫਰਵਰੀ ਨੂੰ ਸਮਾਗਮ ਕਰਵਾਏ ਜਾਣਗੇ। ਜਿਸ ਸਬੰਧੀ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਨਾਲ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਰੇਕ ਜ਼ਿਲ੍ਹੇ ‘ਚ ਪੁਸਤਕ ਪ੍ਰਦਰਸ਼ਨੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵਿੱਦਿਅਕ, ਸਾਹਿਤਕ, ਵੱਖ-ਵੱਖ ਅਦਾਰਿਆਂ ਤੇ ਹੋਰਨਾਂ ਸੰਸਥਾਵਾਂ ‘ਚ ਵੀ ਸਵੇਰੇ 11 ਵਜੇ ਮਾਤ ਭਾਸ਼ਾ ਸਬੰਧੀ ਅਹਿਦ ਲਿਆ ਜਾਵੇਗਾ।