ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣ ਪ੍ਰਚਾਰ ਬੰਦ ਸਬੰਧੀ ਹੁਕਮ ਜਾਰੀ
- ਹਲਕੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਵਾਪਸ ਜਾਣ ਦੇ ਨਿਰਦੇਸ਼
ਪਰਦੀਪ ਕਸਬਾ ,ਸੰਗਰੂਰ, 18 ਫਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਮਵੀਰ ਵੱਲੋਂ ਹੁਕਮ ਜਾਰੀ ਕਰ ਕੇ 20 ਫ਼ਰਵਰੀ 2022 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਚੋਣ ਪ੍ਰਚਾਰ 18 ਫ਼ਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀਂ ਹੋਣੀ ਚਾਹੀਦੀ। ਹੁਕਮਾਂ ਅਨੁਸਾਰ ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਲਗਾਤਾਰ ਮੌਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ।
ਹੁਕਮਾਂ ਅਨੁਸਾਰ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਅਨੁਸਾਰ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਕ੍ਰਿਮੀਨਲ ਪ੍ਰੋਸੀਜ਼ਰ ਕੋਡ, 1973 (ਸੀਆਰਪੀਸੀ) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਸ ਹੁਕਮ ਰਾਹੀਂ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਮਿਤੀ 18/02/2022 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਪਹਿਲਾਂ ਵਾਪਿਸ ਚਲੇ ਜਾਣ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕ੍ਰਿਮੀਨਲ ਪ੍ਰੋਸੀਜ਼ਰ ਕੋਡ, 1973 (ਸੀਆਰਪੀਸੀ) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 10 ਮਾਰਚ 2022 ਤੱਕ ਲਾਗੂ ਰਹਿਣਗੇ।