ਮਾਤ ਭਾਸ਼ਾ ਦਿਵਸ ਮੌਕੇ ਅਧੀਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਗਈ ਸਹੁੰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 21 ਫਰਵਰੀ 2022
ਪੰਜਾਬੀਆਂ ਨੇ ਆਪਣੀ ਮਾਂ ਬੋਲੀ ਸਦਕਾ ਹੀ ਦੁਨੀਆਂ ਵਿੱਚ ਇੱਕ ਵਿਲੱਖਣ ਪਹਿਚਾਣ ਬਣਾਈ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਆਪਣੀ ਮਾਂ ਬੋਲੀ ਨੂੰ ਵਿਸਾਰਨ ਵਾਲੇ ਕਦੇ ਵੀ ਵਿਕਾਸ ਨਹੀਂ ਕਰ ਸਕਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਤ ਭਾਸ਼ਾ ਦਿਵਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਮਾਤ ਭਾਸ਼ਾ ਦਿਵਸ ਮਨਾਉਣ ਦਾ ਉਦੇਸ਼ ਦੁਨੀਆਂ ਭਰ ਵਿਚ ਆਪਣੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਲੋਕਾਂ ਵਿਚ ਰੁਚੀ ਪੈਦਾ ਕਰਨਾ ਅਤੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਅਤੇ ਸੰਚਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸ਼੍ਰੀ ਸ਼ਰਮਾ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੰਜਾਬੀ ਬੋਲਣ, ਲਿਖਣ, ਪੜ੍ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦਾ ਪ੍ਰਣ ਵੀ ਦਿਵਾਇਆ।
ਸਹਾਇਕ ਕਮਿਸ਼ਨਰ (ਜ) ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਣ ਦਿਵਾਇਆ ਕਿ ਉਹ ਨਾਥਾਂ, ਸੂਫੀਆਂ, ਭਗਤਾਂ, ਗੁਰੂਆਂ ਪੀਰਾਂ ਤੇ ਫਕੀਰਾਂ ਦੀ ਵਰੋਸਾਈ ਮਾਂ ਬੋਲੀ ਦਾ ਉਮਰ ਭਰ ਸਤਿਕਾਰ ਕਰਨਗੇ। ਇਸ ਤੋਂ ਇਲਾਵਾ ਆਪਣੀ ਮਾਂ ਬੋਲੀ ਬੋਲਣ, ਪੰਜਾਬੀ ਪੜ੍ਹਨ, ਪੰਜਾਬੀ ਲਿਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਇਹ ਅਹਿਦ ਵੀ ਕਰਵਾਇਆ ਕਿ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਅਤੇ ਸੰਚਾਰ ਸੇਵਾ ਲਈ ਹਮੇਸ਼ਾਂ ਸਮਰਪਿਤ ਰਿਹਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।