ਕਿਸਾਨਾਂ ਨੂੰ ਆਧੁਨਿਕ ਢੰਗ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਸਿਖਲਾਈ ਕੈਂਪ : ਡਾ: ਸੋਢੀ
– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤਾ ਜਾ ਰਿਹੈ ਉਪਰਾਲਾ
– ਖੇਤੀਬਾੜੀ ਨਾਲ ਸਬੰਧਤ ਵਿਸ਼ਾ ਮਾਹਿਰ ਕਿਸਾਨਾਂ ਨੂੰ ਦੇਣਗੇ ਜਾਣਕਾਰੀ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 28 ਫਰਵਰੀ 2022
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਲ 2022-23 ਦੌਰਾਨ 118 ਸਿਖਲਾਈ ਕੈਂਪ ਲਗਾਏ ਜਾਣਗੇ ਜਿਨ੍ਹਾਂ ਵਿੱਚ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਸ਼ਾ ਮਾਹਰਾਂ ਵੱਲੋਂ ਆਧੁਨਿਕ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਧੀਕ ਡਾਇਰੈਕਟਰ ( ਵਿਸਥਾਰ ਸਿਖਲਾਈ) ਡਾ: ਗੁਰਜਿੰਦਰ ਪਾਲ ਸਿੰਘ ਸੋਢੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਜਿ਼ਲ੍ਹਾ ਪੱਧਰੀ ਵਿਗਿਆਨ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਵੱਖ-ਵੱਖ ਖੇਤੀ ਮਾਹਰ ਕਿਸਾਨਾਂ ਨੂੰ ਸਿਖਲਾਈ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਿਖਲਾਈ ਕੈਂਪਾਂ ਦੌਰਾਨ 82 ਇੱਕ ਰੋਜ਼ਾ ਸਿਖਲਾਈ ਕੈਂਪ, 19 ਕਿੱਤਾ ਮੁਖੀ ਸਿਖਲਾਈ ਕੈਂਪ ਅਤੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਕਿਸਾਨੀ ਆਮਦਨ ਨੂੰ ਵਧਾਉਣ ਲਈ 17 ਆਧੁਨਿਕ ਤਕਨੀਕਾਂ ਸਬੰਧੀ ਕੈਂਪ ਲਗਾਏ ਜਾਣਗੇ।
ਇਸ ਮੌਕੇ ਵਧੀਕ ਡਾਇਰੈਕਟਰ (ਖੋਜ) ਡਾ: ਗੁਰਸਾਹਿਬ ਸਿੰਘ ਨੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਰੱਖਦੇ ਹੋਏ ਕਿਸਾਨੀ ਆਮਦਨ ਨੂੰ ਦੁੱਗਣਾ ਕਰਨ ਲਈ ਆਪਣੇ ਸਲਾਹ ਮਸ਼ਵਰੇ ਨਾਲ ਇੱਕ ਵਿਸਥਾਰਤ ਯੋਜਨਾ ਤਿਆਰ ਕਰਨ ਤਾਂ ਜੋ ਕਿਸਾਨੀ ਦੇ ਆਰਥਿਕ ਪੱਧਰ ਨੂੰ ਉਚਾ ਚੁੱਕਿਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਵਿਕਾਸ, ਬਾਗਬਾਨੀ ਵਿਭਾਗ, ਮੱਛੀ ਪਾਲਣ, ਪਸ਼ੂ ਪਾਲਣ ਵਰਗੇ ਕਈ ਮਹੱਤਵਪੂਰਨ ਕਿੱਤਿਆਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਜਿਥੇ ਕਿਸਾਨ ਭਰਾਵਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਉਥੇ ਹੀ ਕਿਸਾਨ ਬੀਬੀਆਂ ਨੂੰ ਵੀ ਘਰੇਲੂ ਸਮਾਨ ਤਿਆਰ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਆਰਥਿਕ ਪੱਧਰ ਉਚਾ ਚੁੱਕ ਸਕਣ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਜਸਵਿੰਦਰ ਸਿੰਘ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਪਟਿਆਲਾ ਡਾ: ਵਿਪਨ ਰਾਮਪਾਲ, ਕੇ.ਵੀ.ਕੇ. ਸਮਰਾਲਾ ਦੇ ਡਿਪਟੀ ਡਾਇਰੈਕਟਰ ਡਾ: ਵਰਿੰਦਰ ਤਿਵਾੜੀ ਨੇ ਵੀ ਆਪਣੇ ਵਿਚਾਰ ਰੰਖੇ ਗਏ। ਇਸ ਦੇ ਨਾਲ ਹੀ ਸ਼੍ਰੀਮਤੀ ਕੁਲਵੰਤ ਕੌਰ ਅਤੇ ਰਾਜਵਿੰਦਰ ਕੌਰ ਵੱਲੋਂ ਘਰੇਲੂ ਵਰਤੋਂ ਲਈ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੀਟਿੰਗ ਵਿੱਚ ਜਿ਼ਲ੍ਹਾ ਪੱਧਰੀ ਵਿਗਿਆਨ ਸਲਾਹਕਾਰ ਕਮੇਟੀ ਦੇ ਹੋਰ ਮੈਂਬਰਾਂ, ਅਗਾਂਹਵਧੂ ਕਿਸਾਨਾਂ ਅਤੇ ਖੇਤੀ ਮਾਹਰਾਂ ਨੇ ਵੀ ਹਿੱਸਾ ਲਿਆ।