ਮਾਤਾ ਗੁਜਰੀ ਕਾਲਜ ਵਿਖੇ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
ਮਾਤਾ ਗੁਜਰੀ ਕਾਲਜ ਵਿਖੇ ਹੀ ਹੋਵੇਗੀ ਜ਼ਿਲ੍ਹੇ ਵਿਚਲੇ ਤਿੰਨ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ
ਕਾਊਂਟਿੰਗ ਸੈਂਟਰਾਂ ਵਿੱਚ ਕਿਸੇ ਨੂੰ ਵੀ ਮੋਬਾਈਲ ਫੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ
ਮੀਡੀਆ ਕਰਮੀ ਵੀ ਮੀਡੀਆ ਸੈਂਟਰ ਤੱਕ ਹੀ ਲੈ ਕੇ ਜਾ ਸਕਦੇ ਨੇ ਮੋਬਾਈਲ ਫੋਨ
10 ਮਾਰਚ ਨੂੰ ਸਵੇਰੇ 08:00 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 8 ਮਾਰਚ 2022
ਜ਼ਿਲ੍ਹੇ ਵਿਚਲੇ ਤਿੰਨ ਵਿਧਾਨ ਸਭਾ ਹਲਕਿਆਂ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਤੇ ਅਮਲੋਹ ਲਈ ਵਿਧਾਨ ਸਭਾ-2022 ਦੀਆਂ ਪਈਆਂ ਵੋਟਾਂ ਦੀ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਵੇਰੇ 08:00 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ।ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਿਸੇ ਨੂੰ ਵੀ ਕਾਊਂਟਿੰਗ ਸੈਂਟਰਾਂ ਵਿੱਚ ਮੋਬਾਈਲ ਫੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ ਤੇ ਮੀਡੀਆ ਕਰਮੀ ਵੀ ਮੀਡੀਆ ਸੈਂਟਰ ਤੱਕ ਹੀ ਮੋਬਾਈਲ ਫੋਨ ਲੈ ਕੇ ਜਾ ਸਕਣਗੇ।ਡਰੋਨ ਦੀ ਵਰਤੋਂ ਉਤੇ ਵੀ ਪਾਬੰਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਾਊਂਟਿੰਗ ਸੈਂਟਰਾਂ ਵਿੱਚ ਆਉਣ ਵਾਲਿਆਂ ਲਈ ਪਾਰਕਿੰਗ ਦਾ ਪ੍ਰਬੰਧ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਮੀਡੀਆ ਸੈਂਟਰ ਵਿਖੇ ਰਾਊਂਡ ਵਾਈਜ਼ ਨਤੀਜੇ ਫੌਰੀ ਮੁਹੱਈਆ ਕਰਵਾਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਸਬੰਧੀ ਹੁਣ ਤੱਕ ਬਹੁਤ ਵਧੀਆ ਸਹਿਯੋਗ ਦਿੱਤਾ ਗਿਆ ਹੈ ਤੇ ਉਨ੍ਹਾਂ ਆਸ ਪ੍ਰਗਟਾਈ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਮੀਡੀਆ ਸਕਾਰਾਤਮਕ ਪਹੁੰਚ ਅਪਣਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇਗਾ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਬੰਧੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸੈਂਟਰਾਂ ਵਿੱਚ ਦਾਖ਼ਲਾ ਪੂਰਨ ਚੈਕਿੰਗ ਉਪਰੰਤ ਹੀ ਹੋਵੇਗਾ। ਕਾਊਂਟਿੰਗ ਸੈਂਟਰਾਂ ਵਿੱਚ ਜਾਣ ਵਾਲਿਆਂ ਨੂੰ ਸੈਂਟਰਾਂ ਵਿਚਲੇ ਤੈਅ ਸਥਾਨਾਂ ਤੋਂ ਬਿਨਾਂ ਹੋਰ ਕਿਸੇ ਪਾਸੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸੈਂਟਰਾਂ ਵਿੱਚ ਜਾਣ ਵਾਲੇ ਜਿੰਨਾ ਜਲਦੀ ਹੋ ਸਕੇ ਓਨਾ ਜਲਦੀ ਉੱਥੇ ਪੁੱਜਣ ਤਾਂ ਜੋ ਸਾਰੀਆਂ ਚੈਕਿੰਗ ਪ੍ਰਕਿਰਿਆ ਨੂੰ ਸਹਿਜ ਢੰਗ ਨਾਲ ਨੇਪਰੇ ਚਾੜ੍ਹ ਕੇ ਬਿਨਾਂ ਕਿਸੇ ਦਿੱਕਤ ਤੋਂ ਦਾਖ਼ਲਾ ਸੰਭਵ ਹੋ ਸਕੇ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਡੀ.ਐਸ.ਪੀ. ਮਾਧਵੀ ਸ਼ਰਮਾ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।