ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਦਿੱਤੀ ਵਧਾਈ
ਰਘਵੀਰ ਹੈਪੀ, ਬਰਨਾਲਾ 10 ਮਾਰਚ 2022
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਵੱਡੀ ਹਾਰ ਅਤੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਕੇਵਲ ਸਿੰਘ ਢਿੱਲੋਂ ਨੇ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੇ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪਾਰਟੀ ਪ੍ਰਧਾਨ ਭਗਵੰਤ ਸਿੰਘ ਮਾਨ, ਰਾਘਵ ਚੱਡਾ ਅਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡਾ ਫ਼ਤਵਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤਾ ਹੈ, ਇਸ ਫ਼ਤਵੇ ਉਪਰ ਆਪ ਪਾਰਟੀ ਨੂੰ ਫ਼ੁੱਲ ਚੜਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ, ਪੰਜਾਬ ਦੀ ਤਰੱਕੀ ਅਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਕੇਵਲ ਢਿੱਲੋਂ ਨੇ ਕਾਂਗਰਸ ਪਾਰਟੀ ਦੀ ਹਾਰ ਤੇ ਵੀ ਤਿੱਖਾ ਤੰਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੀਟਾਂ ਦੀ ਗਲਤ ਵੰਡ ਕੀਤੀ ਗਈ, ਜਿਸ ਦਾ ਖ਼ਮਿਆਜ਼ਾ ਕਾਂਗਰਸ ਪਾਰਟੀ ਨੂੰ ਭੁਗਤਣਾ ਪਿਆ ਹੈ। ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਇੱਕ ਸੈਕੂਲਰ ਸੂਬਾ ਹੈ। ਪ੍ਰੰਤੂ ਕਾਂਗਰਸ ਪਾਰਟੀ ਅਤੇ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰਤ ਤੇ ਵੰਡਣ ਦੀ ਕੋਸਿ਼ਸ਼ ਕੀਤੀ । ਜਿਸ ਨੂੰ ਲੋਕਾਂ ਨੇ ਨਕਾਰਿਆ ਹੈ। ਜਿਸ ਕਰਕੇ ਕਾਂਗਰਸ ਦੀ ਵੱਡੀ ਸ਼ਰਮਨਾਕ ਹਾਰ ਹੋਈ ਹੈ।