ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ 28,29 ਮਾਰਚ ਦੀ ਦੇਸ਼ ਵਿਆਪੀ ਮਜ਼ਦੂਰ ਹੜਤਾਲ ਦੀ ਹਮਾਇਤ, ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚਾਂ ਵਿੱਚ ਕਿਸਾਨ ਹੋਣਗੇ ਸ਼ਾਮਲ
ਪ੍ਰਦੀਪ ਕਸਬਾ, ਚੰਡੀਗੜ੍ਹ, 25 ਮਾਰਚ 2022
ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਨ ਵਾਲੀ ਕੇਂਦਰ ਸਰਕਾਰ ਵਿਰੁੱਧ ਸਨਅਤੀ ਮਜ਼ਦੂਰਾਂ ਦੁਆਰਾ 28,29 ਮਾਰਚ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਫ਼ੈਸਲੇ ਮੁਤਾਬਕ ਇਸ ਮੌਕੇ ਜਥੇਬੰਦਕ ਕਾਰਜ ਖੇਤਰ ਵਾਲੇ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਹੜਤਾਲੀ ਮਜ਼ਦੂਰਾਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਕਿਸਾਨ ਵੀ ਸ਼ਾਮਲ ਹੋਣਗੇ।
ਜਥੇਬੰਦੀ ਦੇ ਵਿਸ਼ਲੇਸ਼ਣ ਮੁਤਾਬਕ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਦੀਆਂ ਨੀਤੀਆਂ ਦੇ ਤਬਾਹਕੁੰਨ ਅਸਰ ਕਿਸਾਨਾਂ ਮਜ਼ਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਉੱਤੇ ਪੈ ਰਹੇ ਹਨ। ਬੇਰੁਜ਼ਗਾਰੀ, ਮਹਿੰਗਾਈ, ਤਨਖਾਹਾਂ/ਭੱਤਿਆਂ ‘ਚ ਭਾਰੀ ਕਟੌਤੀਆਂ ਅਤੇ ਵਿੱਦਿਆ, ਸਿਹਤ ਬਿਜਲੀ, ਆਵਾਜਾਈ ਆਦਿ ਦੇ ਲੱਕਤੋੜ ਖਰਚੇ ਸਭਨਾਂ ਦਾ ਆਰਥਿਕ ਕਚੂੰਬਰ ਕੱਢ ਰਹੇ ਹਨ। ਕਰਜ਼ਿਆਂ ਥੱਲੇ ਪਿਸ ਰਹੇ ਕਿਸਾਨਾਂ ਮਜਦੂਰਾਂ ਦੀਆਂ ਖੁਦਕੁਸ਼ੀਆਂ’ਚ ਭਾਰੀ ਵਾਧਾ ਹੋ ਰਿਹਾ ਹੈ। ਇਨ੍ਹਾਂ ਨੀਤੀਆਂ ਤਹਿਤ ਹੀ ਭਾਜਪਾ ਮੋਦੀ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਲ਼ੇ ਕਾਨੂੰਨ ਪਾਸ ਕਰਨ ਤੋਂ ਵੀ ਪਹਿਲਾਂ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ-ਵਿਰੋਧੀ ਤੇ ਕਾਰਪੋਰੇਟ-ਪੱਖੀ ਸੋਧਾਂ ਕੀਤੀਆਂ ਜਾ ਚੁੱਕੀਆਂ ਸਨ। ਜਥੇਬੰਦੀ ਵੱਲੋਂ ਇਸ ਹੜਤਾਲ ਵਿੱਚ ਸਾਰੇ ਸਨਅਤੀ ਮਜ਼ਦੂਰਾਂ ਨੂੰ ਸ਼ਾਮਲ ਹੋਣ ਦਾ ਅਤੇ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰ ਕਿਰਤੀਆਂ ਨੂੰ ਡਟਵਾਂ ਹਮਾਇਤੀ ਕੰਨ੍ਹਾ ਲਾਉਣ ਦਾ ਸੱਦਾ ਦਿੱਤਾ ਗਿਆ ਹੈ।