ਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਸਾਨਾਂ ਨੂੰ ਕੀਤੀ ਅਪੀਲ, ਕਣਕ ਦੀ ਨਾੜ ਨੂੰ ਅੱਗ ਨਾ ਲਾਉ
ਕੁਲਵੰਤ ਰਾਏ ਗੋਇਲ/ਵਿਬਾਂਸ਼ੂ ਗੋਇਲ ਬਰਨਾਲਾ 27 ਅਪ੍ਰੈਲ 2020
ਕੋਵਿਡ 19 ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਪੂਰੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਉਥੇ ਹੀ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਜਾਰੀ ਹੈ। ਇਸ ਦੇ ਨਾਲ ਹੀ ਹਾੜ੍ਹੀ ਦੇ ਸੀਜ਼ਨ ਦੇ ਮੱਦੇਨਜ਼ਰ ਅਨਾਜ ਮੰਡੀਆਂ ਵਿਚ ਸਮਾਜਿਕ ਦੂਰੀ, ਮਾਸਕਾਂ ਦੀ ਵਰਤੋਂ ਸਣੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਦੀ ਰੋਜ਼ਾਨਾ ਪੱਧਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਜਿੱਥੇ ਵੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਉਥੇ ਹੱਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਸੈਕਟਰਾਂ ਅਫਸਰਾਂ, ਜੀਓਜੀ ਤੇ ਵਲੰਟੀਅਰਾਂ ਨੂੰ ਅਨਾਜ ਮੰਡੀਆਂ ਵਿਚ ਖਰੀਦ ਪ੍ਰਕਿਰਿਆ ’ਤੇ ਨੇੜਿਓ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ 2,70,227 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿਚੋਂ 2,59,364 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈੇ ਅਤੇ ਲਿਫਟਿੰਗ ਪ੍ਰਕਿਰਿਆ ਵੀ ਜਾਰੀ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਤੱਕ ਵੱਖ ਵੱਖ ਏਜੰਸੀਆਂ ਵੱਲੋਂ 249 ਕਰੋੜ ਦੀ ਐਡਵਾਈਜ਼ ਜਨਰੇਟ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕÎਣਕ ਦੀ ਵਾਢੀ ਕਰ ਚੁੱਕੇ ਕਿਸਾਨ ਕਿਸੇ ਵੀ ਹਾਲਤ ਵਿਚ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ। ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਰਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਸ ਦੇ ਧੂੰਏਂ ਨਾਲ ਮਨੁੱਖੀ ਸਰੀਰ ਵਿਚ ਕੋਰੋਨਾ ਨਾਲ ਲੜਣ ਦੀ ਸਮਰੱਥਾ ਵੀ ਬਹੁਤ ਘਟ ਜਾਂਦੀ ਹੈ। ਪਰਾਲੀ ਦੇ ਧੂੰਏਂ ਨਾਲ ਸਾਹ ਤੇ ਫੇਫੜਿਆਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕੋਰੋਨਾ ਦੀ ਲਪੇਟ ਵਿੱਚ ਆਉਣ ਅਤੇ ਕੋਰੋਨਾ ਦੇ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਕਿਸੇ ਵੀ ਹਾਲਤ ਵਿਚ ਕਣਕ ਦੇ ਨਾੜ ਨੂੰ ਅੱਗ ਨਾ ਲਾਈ ਜਾਵੇ ਤਾਂ ਜੋ ਸਾਡਾ ਜ਼ਿਲ੍ਹਾ ਕਰੋਨਾ ਵਾਇਰਸ ਤੋਂ ਬਚਿਆ ਰਹੇ।