ਵਾਤਾਵਰਨ ਤੇ ਕਿਰਤ ਦੀ ਰਾਖੀ ਦੇ ਜੁੜਵੇਂ ਸਰੋਕਾਰ  -ਪਾਵੇਲ ਕੁੱਸਾ

Advertisement
Spread information

ਵਾਤਾਵਰਨ ਤੇ ਕਿਰਤ ਦੀ ਰਾਖੀ ਦੇ ਜੁੜਵੇਂ ਸਰੋਕਾਰ  -ਪਾਵੇਲ ਕੁੱਸਾ

ਪਰਦੀਪ ਕਸਬਾ ਸੰਗਰੂਰ, 29 ਮਈ  2022

ਵਾਤਾਵਰਨ ਦੀ ਤਬਾਹੀ ਦਾ ਮਸਲਾ ਇਕ ਬੇਹੱਦ ਗੰਭੀਰ ਮਸਲਾ ਹੈ ਤੇ ਇਸ ਦੀ ਰਾਖੀ ਦੇ ਸਰੋਕਾਰਾਂ ਦੀ ਚਰਚਾ ਦੇ ਵੀ ਇਸ ਮਸਲੇ ਵਾਂਗ ਹੀ ਬਹੁਤ ਪਸਾਰ ਹਨ। ਹਵਾ, ਪਾਣੀ, ਮਿੱਟੀ ਦੇ ਪ੍ਰਦੂਸ਼ਣ ਤੋਂ ਲੈ ਕੇ ਜੰਗਲਾਂ ਦੀ ਤਬਾਹੀ ਨਾਲ ਜੁਡ਼ਦੇ ਮੌਸਮ ਵਿਗਾੜਾਂ ਤਕ ਦੇ ਖੇਤਰ ਇੱਕ ਦੂਜੇ ਨਾਲ ਡੂੰਘੀ ਤਰ੍ਹਾਂ ਜੁੜੇ ਹੋਏ ਹਨ ਤੇ ਇੱਕ ਦੂਜੇ ਤੋਂ ਨਿਖੇੜ ਕੇ ਨਹੀਂ ਸਗੋਂ ਮਨੁੱਖਤਾ ਵੱਲੋਂ ਸਮੁੱਚਤਾ ‘ਚ ਹੀ ਸੰਬੋਧਨ ਹੋਣ ਦੀ ਮੰਗ ਕਰਦੇ ਹਨ।

ਧਰਤੀ ਦੇ ਵਾਤਾਵਰਨ ਦੀ ਰਾਖੀ ਦੇ ਸਰੋਕਾਰਾਂ ਨੂੰ ਸੰਬੋਧਨ ਹੋਣ ਵੇਲੇ ਇਹ ਸਵਾਲ ਅਕਸਰ ਉੱਠਦਾ ਹੈ ਕਿ ਕੀ ਇਹ ਰਾਖੀ ਸਿਰਫ਼ ਹਕੂਮਤਾਂ ਦਾ ਹੀ ਕਾਰਜ ਖੇਤਰ ਹੈ ਜਾਂ ਆਮ ਲੋਕਾਂ ਸਿਰ ਵੀ ਕੋਈ ਜ਼ਿੰਮੇਵਾਰੀ ਆਇਦ ਹੁੰਦੀ ਹੈ। ਹੁਣ ਕਿਸਾਨਾਂ ਵੱਲੋਂ ਕਣਕ ਦਾ ਨਾੜ ਸਾੜਨ ਨੂੰ ਲੈ ਕੇ ਜਾਂ ਪੰਜਾਬ ਅੰਦਰ ਝੋਨੇ ਦੀ ਫਸਲ ਕਾਰਨ ਪਾਣੀ ਦੇ ਡਿੱਗਦੇ ਪੱਧਰ ਨੂੰ ਲੈ ਕੇ ਹੋ ਰਹੀ ਚਰਚਾ ਵਿੱਚ ਵੀ ਇਹ ਸਵਾਲ ਉੱਠਦਾ ਰਿਹਾ ਹੈ ਕਿ ਕੀ ਇਹ ਜ਼ਿੰਮੇਵਾਰੀ ਕਿਸਾਨਾਂ ‘ਤੇ ਆਇਦ ਨਹੀਂ ਹੋਣੀ ਚਾਹੀਦੀ। ਇਸੇ ਸਵਾਲ ਦਾ ਇਸ ਤੋਂ ਅਗਲਾ ਪਸਾਰ ਇਹ ਵੀ ਬਣ ਜਾਂਦਾ ਹੈ ਕਿ ਸਮਾਜ ਅੰਦਰ ਲੋਕਾਂ ਨੂੰ ਚੇਤਨ ਹੋ ਕੇ ਵਾਤਾਵਰਨ ਦੀ ਤਬਾਹੀ ਕਰਨ ਵਾਲੇ ਤੌਰ ਤਰੀਕਿਆਂ ਨੂੰ ਬੰਦ ਕਰਨਾ ਚਾਹੀਦਾ ਹੈ ਤੇ ਵਾਤਾਵਰਣ ਨੂੰ ਬਚਾਉਣਾ ਚਾਹੀਦਾ ਹੈ। ਸਿਰਫ਼ ਸਰਕਾਰਾਂ ਨੂੰ ਦੋਸ਼ ਦੇਣ ਨਾਲ ਹੀ ਕੁਝ ਨਹੀਂ ਹੋਣਾ ਸਗੋਂ ਲੋਕਾਂ ਨੂੰ ਆਪਣੇ ਪੱਧਰ ‘ਤੇ ਯਤਨ ਕਰਨੇ ਪੈਣਗੇ। ਜਾਂ ਸਮੱਸਿਆ ਦਾ ਇਸ ਤੋਂ ਵੀ ਜ਼ਿਆਦਾ ਸਧਾਰਨੀਕਰਨ ਕਰ ਦਿੱਤਾ ਜਾਂਦਾ ਹੈ ਕਿ ਹਕੂਮਤਾਂ ਤਾਂ ਹਨ ਹੀ ਅਜਿਹੀਆਂ ,ਉਨ੍ਹਾਂ ਤਾਂ ਕੀ ਕਰਨਾ ਹੈ, ਲੋਕਾਂ ਨੂੰ ਖ਼ੁਦ ਹੀ ਕਰਨਾ ਚਾਹੀਦਾ ਹੈ।

Advertisement

ਅਜਿਹੀ ਪਹੁੰਚ ਧਰਤੀ ‘ਤੇ ਫੈਲ ਰਹੇ ਪ੍ਰਦੂਸ਼ਣ ਦੇ ਕਾਰਨਾਂ ਅਤੇ ਇਨ੍ਹਾਂ ਕਾਰਨਾਂ ਦੀਆਂ ਮਨੁੱਖਾ ਸਮਾਜ ਦੀਆਂ ਮੌਜੂਦਾ ਆਰਥਕ ਸਮਾਜਕ ਬਣਤਰਾਂ ਨਾਲ ਜੁੜਦੀਆਂ ਤੰਦਾਂ ਬਾਰੇ ਸਹੀ ਭੇਤ ਨਾ ਹੋਣ ਚੋਂ ਨਿਕਲਦੀ ਹੈ।

ਧਰਤੀ ਦੇ ਵਾਤਾਵਰਨ ਦੀ ਹੋ ਰਹੀ ਤਬਾਹੀ ਤੇ ਆਬੋ ਹਵਾ ‘ਚ ਦਿਨੋ ਦਿਨ ਫੈਲ ਰਿਹਾ ਪ੍ਰਦੂਸ਼ਣ ਮਨੁੱਖ ਦੀ ਪੈਦਾਵਾਰੀ ਸਰਗਰਮੀ ਤੇ ਉਸ ਦੇ ਅੰਗ ਵਜੋਂ ਹੀ ਰਹਿਣ ਸਹਿਣ ਦੇ ਤਰੀਕੇ ਸਲੀਕੇ ਦੀ ਦੇਣ ਹੈ। ਵਿਗਿਆਨ ਦੀ ਤਰੱਕੀ ਤੇ ਤਕਨੀਕ ਦੇ ਪਸਾਰੇ ਨੇ ਹੌਲੀ ਹੌਲੀ ਕੁਦਰਤ ਨਾਲ ਜੱਦੋ ਜਹਿਦ ਵਿੱਚ ਮਨੁੱਖ ਦਾ ਹੱਥ ਉੱਪਰ ਦੀ ਕਰ ਦਿੱਤਾ ਤੇ ਬਹੁਤ ਸਾਰੀਆਂ ਗੈਰ ਕੁਦਰਤੀ ਪ੍ਰਕਿਰਿਆਵਾਂ ਜ਼ੋਰ ਫੜਦੀਆਂ ਗਈਆਂ ਹਨ। ਮਨੁੱਖ ਦੀ ਪੈਦਾਵਾਰੀ ਸਰਗਰਮੀ ‘ਚ ਮੁੱਖ ਤੌਰ ‘ਤੇ ਖੇਤੀ ਤੇ ਸਨਅਤ ਹੈ ਜਦਕਿ ਮਨੁੱਖ ਸਮਾਜ ਦੀਆਂ ਸੇਵਾਵਾਂ ਦਾ ਖੇਤਰ ਵੀ ਹੈ ਜਿਹੜੇ ਰਲ ਕੇ ਮਨੁੱਖ ਦੀ ਵਾਤਾਵਰਨ ਨੂੰ ਤਬਾਹ ਕਰਨ ਵਾਲੀ ਸਰਗਰਮੀ ਦਾ ਆਧਾਰ ਬਣਦੇ ਹਨ। ਜੇ ਤਾਂ ਇਹ ਮਨੁੱਖਾ ਸਮਾਜ ਇਕਸਾਰ ਹੋਵੇ ਤਾਂ ਇਉਂ ਕਹਿ ਕੇ ਸਾਰਿਆ ਜਾ ਸਕਦਾ ਹੈ ਕਿ ਮਨੁੱਖ ਨੂੰ ਆਪਣਾ ਰਹਿਣ ਸਹਿਣ ਤੇ ਸਮੁੱਚੀ ਪੈਦਾਵਾਰੀ ਸਰਗਰਮੀ ਕੁਦਰਤ ਅਨੁਕੂਲ ਕਰਨੀ ਚਾਹੀਦੀ ਹੈ। ਕਰਕੇ ਵਾਤਾਵਰਣ ਸਰੋਕਾਰਾਂ ਨੂੰ ਪ੍ਰਣਾਏ ਕੁੱਝ ਹਿੱਸੇ ਇਸ ਨਜ਼ਰੀਏ ਤੋਂ ਵਾਤਾਵਰਨ ਤਬਾਹੀ ਲਈ ਆਮ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਣ ਤਕ ਚਲੇ ਜਾਂਦੇ ਹਨ ਤੇ ਇਹਦਾ ਹੱਲ ਵੀ ਜਨ-ਸਧਾਰਨ ਦੀਆਂ ਚੇਤਨ ਕੋਸ਼ਿਸ਼ਾਂ ਤਕ ਹੀ ਦੇਖਦੇ ਹਨ।

ਪਰ ਹਕੀਕਤ ਅਜਿਹੀ ਨਹੀਂ ਹੈ। ਸੰਸਾਰ ‘ਤੇ ਮਨੁੱਖ ਦੀ ਪੈਦਾਵਾਰੀ ਸਰਗਰਮੀ ਦੇ ਤੌਰ ਤਰੀਕਿਆਂ ਨੂੰ ਤੇ ਸਮੁੱਚੀ ਜੀਵਨ ਜਾਚ ਨੂੰ ਵੱਖ ਵੱਖ ਦੇਸ਼ਾਂ ਦੇ ਨਿਜ਼ਾਮਾਂ ਵੱਲੋਂ ਵਿਉਂਤਿਆ ਜਾ ਰਿਹਾ ਹੈ। ਇਨ੍ਹਾਂ ਨਿਜ਼ਾਮਾਂ ਦੀਆਂ ਕਿਸਮਾਂ ਵੱਖ ਵੱਖ ਹੋ ਕੇ ਵੀ ਇਨ੍ਹਾਂ ਸਭ ਦਾ ਸੁਭਾਅ ਮੂਲ ਰੂਪ ਵਿੱਚ ਲੁਟੇਰਾ ਹੈ। ਵੱਖ ਵੱਖ ਦੇਸ਼ਾਂ ਅੰਦਰ ਕੀਤੀ ਜਾ ਰਹੀ ਪੈਦਾਵਾਰ ਮਨੁੱਖੀ ਲੋੜਾਂ ਨੂੰ ਕੇਂਦਰ ‘ਚ ਨਾ ਰੱਖ ਕੇ ਮੁਨਾਫ਼ਾ ਕੇਂਦਰਿਤ ਹੈ। ਇਸ ਲਈ ਪੈਦਾਵਾਰ ਸਰਗਰਮੀ ਦਾ ਪੈਮਾਨਾ, ਪੈਦਾਵਾਰ ਦੇ ਢੰਗ ਤੇ ਉਹਦਾ ਮੰਤਵ ਆਦਿ ਸਭ ਕੁਝ ਮਨੁੱਖਾ ਸਮਾਜ ‘ਤੇ ਕਾਬਜ਼ ਸੰਸਾਰ ਸਰਮਾਏਦਾਰੀ ਤੈਅ ਕਰ ਰਹੀ ਹੈ। ਸੰਸਾਰ ਦੀ ਅੱਤ ਵਿਕਸਤ ਸਰਮਾਏਦਾਰ ਜਮਾਤ ਇਹ ਨਾ ਸਿਰਫ਼ ਆਪਣੇ ਮੁਲਕਾਂ ‘ਚ ਹੀ ਤੈਅ ਕਰਦੀ ਹੈ ਸਗੋਂ ਦੁਨੀਆਂ ਦੇ ਕੋਨੇ ਕੋਨੇ ‘ਚ ਵੱਸਦੇ ਗਰੀਬ ਮੁਲਕਾਂ ਤੱਕ , ਉੱਥੋਂ ਦੀ ਖੇਤੀ ਤੇ ਸਨਅਤ ਸਮੇਤ ਹਰ ਕਿਸਮ ਦੀ ਪੈਦਾਵਾਰੀ ਸਰਗਰਮੀ ਨੂੰ ਮਿੱਥਦੀ ਹੈ। ਸੰਸਾਰ ਸਰਮਾਏਦਾਰੀ ਜਿਹੜੀ ਸਾਮਰਾਜ ਵਿੱਚ ਵਟ ਚੁੱਕੀ ਹੈ ਤੇ ਜਿਸ ਦੀਆਂ ਲੁਟੇਰੀਆਂ ਲਾਲਸਾਵਾਂ ਦਿਨੋਂ ਦਿਨ ਫੈਲਦੀਆਂ ਜਾ ਰਹੀਆਂ ਹਨ, ਇਸ ਧਰਤੀ ‘ਤੇ ਵਾਪਰਨ ਵਾਲੀ ਹਰ ਤਰ੍ਹਾਂ ਦੀ ਸਰਗਰਮੀ ਨੂੰ ਆਪਣੇ ਹੱਥ ਲੈ ਰਹੀ ਹੈ। ਉਸ ਨੇ ਤਕਨੀਕ ਦਾ ਵਿਕਾਸ ਵੀ ਮੁਨਾਫ਼ੇ ਦੀਆਂ ਦਰਾਂ ਵਧਾਉਣ ਦੀਆਂ ਲੋੜਾਂ ਦੇ ਹਿਸਾਬ ਨਾਲ ਕੀਤਾ ਹੈ। ਇਸੇ ਮੁਨਾਫ਼ੇ ਦੀ ਹਵਸ ‘ਚੋਂ ਉਸ ਨੇ ਇਸ ਧਰਤੀ ਦੇ ਕੁਦਰਤੀ ਸੋਮਿਆਂ ਨੂੰ ਤੇ ਮਨੁੱਖ ਦੀ ਕਿਰਤ ਨੂੰ ਰੱਜ ਕੇ ਲੁੱਟਿਆ ਹੈ। ਸੰਸਾਰ ਸਾਮਰਾਜ ਦੁਨੀਆ ਭਰ ਦੇ ਮੁਲਕਾਂ ‘ਤੇ ਰਾਜਨੀਤਕ ਸਮਾਜਕ ਸੱਭਿਆਚਾਰਕ ਭਾਵ ਹਰ ਪੱਖੋਂ ਗਲਬੇ ਵਾਲੀ ਹੈਸੀਅਤ ਵਿਚ ਹੈ। ਇਹ ਗਲਬਾ ਕਿਸੇ ਵੀ ਮੁਲਕ ਵਿੱਚ ਮੁਨਾਫ਼ੇ ਦੀਆਂ ਲੋੜਾਂ ਅਨੁਸਾਰ ਉਥੋਂ ਦੇ ਵਾਤਾਵਰਣ ਤੇ ਪੌਣ ਪਾਣੀ ਤੋਂ ਉਲਟ ਗੈਰ ਕੁਦਰਤੀ ਖੇਤੀ ਕਰਵਾ ਸਕਦਾ ਹੈ, ਜਿਸ ਦੀ ਉਦਾਹਰਣ ਪੰਜਾਬ ਵਿੱਚ ਹਰੇ ਇਨਕਲਾਬ ਦੇ ਨਾਂ ਹੇਠ ਪੰਜਾਬ ਵਿੱਚ ਝੋਨੇ ਦੀ ਫ਼ਸਲ ਬੀਜਣ ਲਾਉਣਾ ਹੈ। ਅਜਿਹਾ ਕੁੱਝ ਹੀ ਅਫ਼ਰੀਕਾ ਦੇ ਕੁਝ ਮੁਲਕਾਂ ‘ਚ ਸੋਇਆਬੀਨ ਦੀ ਖੇਤੀ ਕਰਵਾ ਕੇ ਕੀਤਾ ਗਿਆ ਹੈ। ਸਾਮਰਾਜ ਦੇ ਇਤਿਹਾਸ ਦੀ ਲੰਘੀ ਡੇਢ ਸਦੀ ਅਜਿਹੀਆਂ ਉਦਾਹਰਨਾਂ ਨਾਲ ਭਰੀ ਪਈ ਹੈ। ਸੰਸਾਰ ਸਰਮਾਏਦਾਰੀ ਵੱਲੋਂ ਲੁਟੇਰੇ ਹਿੱਤਾਂ ਲਈ ਦੁਨੀਆ ਭਰ ‘ਚ ਮਚਾਈ ਵਾਤਾਵਰਨ ਤਬਾਹੀ ਦੇ ਕੁਕਰਮਾਂ ਦੀ ਸੂਚੀ ਬਹੁਤ ਲੰਮੀ ਹੈ।

ਹੁਣ ਤਾਂ ਗੱਲਾਂ ਹੋਰ ਵੀ ਅੱਗੇ ਜਾ ਚੁੱਕੀਆਂ ਹਨ। ਸੰਸਾਰ ਦੀਆਂ ਸਾਮਰਾਜੀ ਬਹੁਕੌਮੀ ਕੰਪਨੀਆਂ ਨੇ ਅਤਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤਾਂ ਨੂੰ ਤੀਜੀ ਦੁਨੀਆਂ ਦੇ ਗਰੀਬ ਮੁਲਕਾਂ ਵੱਲ ਤਬਦੀਲ ਕਰ ਦਿੱਤਾ ਹੈ। ਬੰਗਲਾਦੇਸ਼ ਦੇ ਟੈਕਸਟਾਈਲ ਹੱਬ ਵਜੋਂ ਉੱਭਰਨ ਵਿਚ ਉਥੇ ਬੇਹੱਦ ਸਸਤੀ ਕਿਰਤ ਸ਼ਕਤੀ ਦਾ ਰੋਲ ਹੈ। ਪਰ ਨਾਲ ਹੀ ਇਹ ਟੈਕਸਟਾਈਲ ਇੰਡਸਟਰੀ ਉੱਥੋਂ ਦੇ ਪਾਣੀ ਸੋਮਿਆਂ ਨੂੰ ਬੁਰੀ ਤਰ੍ਹਾਂ ਪਲੀਤ ਕਰ ਰਹੀ ਹੈ ਜਿਹੜਾ ਕਿਸੇ ਵਿਕਸਤ ਪੱਛਮੀ ਪੂੰਜੀਵਾਦੀ ਮੁਲਕ ਅੰਦਰ ਕਰ ਸਕਣਾ ਸੰਭਵ ਨਹੀਂ ਹੈ। ਤੇ ਅਜਿਹਾ ਕੁਝ ਹੀ ਵੇਦਾਂਤਾ ਦੇ ਕਾਪਰ ਪਲਾਂਟ ਵੱਲੋਂ ਤਾਮਿਲਨਾਡੂ ਵਿੱਚ ਕੀਤਾ ਜਾ ਰਿਹਾ ਸੀ ਤੇ ਸੰਸਾਰ ਦੀਆਂ ਸਾਮਰਾਜੀ ਬਹੁ-ਕੌਮੀ ਕੰਪਨੀਆਂ ਵੱਲੋਂ ਤੀਜੀ ਦੁਨੀਆਂ ਦੀ ਧਰਤੀ ਦੇ ਚੱਪੇ ਚੱਪੇ ‘ਤੇ ਕੀਤਾ ਜਾ ਰਿਹਾ ਹੈ। ਸਾਮਰਾਜੀ ਰਜ਼ਾ ਅਨੁਸਾਰ ਚੱਲਣ ਵਾਲੇ ਤੀਜੀ ਦੁਨੀਆਂ ਦੇ ਮੁਲਕਾਂ ਦੇ ਹਾਕਮਾਂ ਵੱਲੋਂ ਆਮ ਕਰਕੇ ਹੀ ਆਪਣੇ ਮੁਲਕਾਂ ਦੇ ਵਾਤਾਵਰਨ ਕਾਨੂੰਨਾਂ ਨੂੰ ਸਾਮਰਾਜੀ ਲੁਟੇਰੇ ਕਾਰੋਬਾਰਾਂ ਦੀਆਂ ਲੋੜਾਂ ਅਨੁਸਾਰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ ਤੇ ਕਾਗਜ਼ਾਂ ਵਿੱਚ ਮੌਜੂਦ ਨਾਮ ਨਿਹਾਦ ਕਾਨੂੰਨਾਂ ਦੀ ਵੀ ਇਨ੍ਹਾਂ ਕੰਪਨੀਆਂ ਵੱਲੋਂ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਹੈ।

ਜਿਸ ਤੋਂ ਹੋਰ ਅੱਗੇ ਜਾਂਦਿਆਂ ਗੱਲ ਕਰੀਏ ਤਾਂ ਮਨੁੱਖ ਦੀ ਰਹਿਣ ਸਹਿਣ ਤੇ ਸਮੁੱਚੀ ਜੀਵਨ ਜਾਚ ਨੂੰ ਇਸ ਲੁਟੇਰੇ ਸਾਮਰਾਜੀ ਨਿਜ਼ਾਮ ਨੇ ਪੂਰੀ ਤਰ੍ਹਾਂ ਆਪਣੀਆਂ ਕਾਰੋਬਾਰੀ ਲੋੜਾਂ ਅਨੁਸਾਰ ਢਾਲਣ ਦੀ ਕੋਸ਼ਿਸ਼ ਕੀਤੀ ਹੈ। ਇਕ ਖ਼ਾਸ ਤਰ੍ਹਾਂ ਦੇ ਸਾਮਰਾਜੀ ਖਪਤਕਾਰੀ ਸਭਿਆਚਾਰ ਦਾ ਪਸਾਰਾ ਕੀਤਾ ਗਿਆ ਹੈ ਜਿਹੜਾ ਵਿਅਕਤੀ ਨੂੰ ਇੱਕ ਖ਼ਪਤ ਵਾਲੀ ਮਸ਼ੀਨ ਵਿਚ ਬਦਲ ਦੇਣ ਲਈ ਯਤਨ ਕਰ ਰਿਹਾ ਹੈ। ਇੱਕ ਖ਼ਪਤ ਮਸ਼ੀਨ ਵਜੋਂ ਮਨੁੱਖੀ ਰਹਿਣ ਸਹਿਣ ਦਾ ਤਰੀਕਾ ਤੇ ਸਲੀਕਾ ਵਾਤਾਵਰਨ ਨਾਲ ਟਕਰਾਅ ‘ਚ ਆ ਰਿਹਾ ਹੈ। ਪਰ ਇਹ ਮਹਿਜ਼ ਵਿਅਕਤੀਗਤ ਚੋਣ ਦਾ ਮਸਲਾ ਨਹੀਂ ਹੈ ਸਗੋਂ ਸੰਸਾਰ ਸਾਮਰਾਜ ਵੱਲੋਂ ਬਾਜ਼ਾਰ ਕੇਂਦਰਤ ਜੀਵਨ ਜਾਚ ਉਸਾਰਨ ਦਾ ਸਿੱਟਾ ਹੈ। ਸੰਸਾਰ ਸਾਮਰਾਜੀ ਮੰਡੀ ਜਿੱਥੋਂ ਤੱਕ ਫੈਲਦੀ ਗਈ ਹੈ ਉਥੇ ਨਾਲ ਨਾਲ ਪ੍ਰਦੂਸ਼ਣ ਵੀ ਫੈਲਦਾ ਗਿਆ ਹੈ। ਇਸ ਜੀਵਨ ਜਾਚ ਤੋਂ ਖਹਿੜਾ ਛੁਡਾਉਣ ਦਾ ਅਰਥ ਮਨੱਖਾ ਜ਼ਿੰਦਗੀ ‘ਚੋ ਬਾਜ਼ਾਰ ਦੀ ਭੂਮਿਕਾ ਨੂੰ ਮਨਫੀ ਕਰਨ ਤਕ ਜਾਣਾ ਹੈ।

ਦੁਨੀਆਂ ਦੇ ਇਸ ਲੁਟੇਰੇ ਸਾਮਰਾਜੀ ਨਿਜ਼ਾਮ ਵਿੱਚ ਇਕ ਆਮ ਵਿਅਕਤੀ ਦੀ ਸਮਾਜੀ ਆਰਥਿਕ ਸਰਗਰਮੀ ਉਸਦੀ ਆਪਣੀ ਰਜ਼ਾ ਅਨੁਸਾਰ ਤੈਅ ਨਹੀਂ ਹੁੰਦੀ ਸਗੋਂ ਉਹ ਇਨ੍ਹਾਂ ਸਾਮਰਾਜੀ ਕੰਟਰੋਲ ਵਾਲੀਆਂ ਪੈਦਾਵਾਰੀ ਸਰਗਰਮੀਆਂ ਦਾ ਹੀ ਅੰਗ ਹੈ। ਇਸ ਲਈ ਵਾਤਾਵਰਨ ਦੀ ਤਬਾਹੀ ਰੋਕਣ ਪੱਖੋਂ ਜਿੱਥੇ ਇਕ ਆਮ ਮਜ਼ਦੂਰ ਤਾਂ ਲਾਚਾਰ ਹੈ ਹੀ ਕਿਉਂਕਿ ਫੈਕਟਰੀ ਦੀ ਤਕਨੀਕ ਤੈਅ ਕਰਨ ਅਤੇ ਸਮੁੱਚੀ ਫੈਕਟਰੀ ਦਾ ਪ੍ਰਬੰਧ ਤੈਅ ਕਰਨ ਵਿਚ ਉਹਦੀ ਕੋਈ ਹਿੱਸੇਦਾਰੀ ਨਹੀਂ ਹੈ। ਸਗੋਂ ਇਕ ਕਿਸਾਨ ਦੇ ਵੀ ਆਪਣੇ ਹੱਥ ਬਹੁਤਾ ਕੁਝ ਨਹੀਂ ਹੈ। ਜੇਕਰ ਪੰਜਾਬ ਦੇ ਕਿਸਾਨਾਂ ਦੇ ਹਵਾਲੇ ਨਾਲ ਦੇਖਣਾ ਹੋਵੇ ਤਾਂ ਝੋਨੇ ਵਰਗੀ ਪਰਾਈ ਫਸਲ ‘ਤੇ ਨਿਰਭਰ ਹੋ ਗਈ ਕਿਸਾਨੀ ਇਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹੋਏ ਵੀ ਨਹੀਂ ਛੁਡਾ ਸਕਦੀ ਕਿਉਂਕਿ ਆਰਥਿਕਤਾ ਬੁਨਿਆਦੀ ਪਹਿਲੂ ਹੈ ਤੇ ਇਸ ਦੀ ਵਿਉਂਤਬੰਦੀ ਹਕੂਮਤਾਂ ਦੇ ਹੱਥ ਵੱਸ ਹੈ। ਇਹ ਹਕੂਮਤਾਂ ਆਮ ਕਰਕੇ ਸੰਸਾਰ ਸਾਮਰਾਜੀ ਬਹੁਕੌਮੀ ਕੰਪਨੀਆਂ ਤੇ ਦੇਸੀ ਕਾਰਪੋਰੇਟਾਂ/ ਜਗੀਰਦਾਰਾਂ ਦੇ ਮੁਨਾਫ਼ਿਆਂ ਦੇ ਚੌਖਟਿਆਂ ਵਿੱਚ ਰਹਿ ਕੇ ਹੀ ਸੋਚਦੀਆਂ ਹਨ। ਇਸ ਪ੍ਰਸੰਗ ਵਿੱਚ ਪੰਜਾਬ ਦੇ ਪਾਣੀ ਦੇ ਡਿੱਗਦੇ ਪੱਧਰ ਦੀ ਵਿਉਂਤਬੰਦੀ ਦਾ ਮਸਲਾ ਹਕੂਮਤਾਂ ਦਾ ਮਸਲਾ ਬਣਦਾ ਹੈ , ਕਰਜ਼ਿਆਂ ਵਿੰਨ੍ਹੀ ਕਿਸਾਨੀ ਖੁਦ ਅਜਿਹੀ ਪਹਿਲਕਦਮੀ ਲੈਣ ਦੀ ਹਾਲਤ ਵਿੱਚ ਨਹੀਂ ਹੈ।

ਮਨੁੱਖੀ ਪੈਦਾਵਾਰੀ ਸਰਗਰਮੀਆਂ ਰਾਹੀਂ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਦਾ ਸਬੰਧ ਇਸ ਪੈਦਾਵਾਰ ਦੇ ਮੰਤਵ ਤੇ ਤਰੀਕਾਕਾਰ ਨੂੰ ਬਦਲਣਾ ਹੈ। ਇਸ ਨੂੰ ਬਦਲਣ ਦਾ ਅਰਥ ਦੁਨੀਆਂ ਦੇ ਲੁਟੇਰੇ ਸਰਮਾਏਦਾਰਾਂ ਦੇ ਮੁਨਾਫ਼ਾਮੁਖੀ ਹਿੱਤਾਂ ਦੀ ਪੂਰਤੀ ਦੀ ਥਾਂ ਸਮਾਜ ਦੇ ਹਿੱਤਾਂ ਦੀ ਪੂਰਤੀ ਲਈ ਜੁਟਾਉਣਾ ਹੈ। ਅਜਿਹਾ ਕਰਨਾ ਸਿਰਫ਼ ਵਾਤਾਵਰਨ ਦੀ ਰਾਖੀ ਲਈ ਹੀ ਜ਼ਰੂਰੀ ਨਹੀਂ ਹੈ ਸਗੋਂ ਸੰਸਾਰ ਭਰ ਦੇ ਕਿਰਤੀਆਂ ਦੀ ਕਿਰਤ ਦੀ ਲੁੱਟ ਦੀ ਬੰਦ ਖਲਾਸੀ ਲਈ ਵੀ ਜ਼ਰੂਰੀ ਹੈ। ਸਮਾਜਿਕ ਆਰਥਿਕ ਬਰਾਬਰੀ ਲਈ ਜ਼ਰੂਰੀ ਹੈ ਤੇ ਦੁਨੀਆ ਭਰ ਦੇ ਲੋਕਾਂ ਦੀ ਖੁਸ਼ਹਾਲੀ ਵਾਲੇ ਸਮਾਜ ਲਈ ਜ਼ਰੂਰੀ ਹੈ। ਪੈਦਾਵਾਰ ਦਾ ਅਜਿਹਾ ਮੰਤਵ ਹੀ ਉਸ ਦੀ ਤਕਨੀਕ ਨੂੰ ਤਹਿ ਕਰਦਾ ਹੈ ਤੇ ਖੇਤੀ/ ਸਨਅਤਾਂ ਦੀ ਰਹਿੰਦ ਖੂੰਹਦ ਨੂੰ ਪ੍ਰਦੂਸ਼ਣ ਰਹਿਤ ਤਰੀਕਿਆਂ ਨਾਲ ਨਜਿੱਠਣ ਲਈ ਵੀ ਤਕਨੀਕ ਦਾ ਵਿਕਾਸ ਕਰਨ ਦੀ ਲੋੜ ਖੜ੍ਹੀ ਕਰਦਾ ਹੈ। ਮੌਜੂਦਾ ਲੁਟੇਰੇ ਮੰਤਵਾਂ ਲਈ ਹੋ ਰਹੀ ਪੈਦਾਵਾਰ ਅਜਿਹੀ ਤਕਨੀਕ ਖੋਜਣ ਤੇ ਵਿਕਸਤ ਕਰਨ ਵੱਲ ਰੁਚੀ ਨਹੀਂ ਰੱਖਦੀ ਕਿਉਂਕਿ ਇਹ ਮੁਨਾਫ਼ਿਆਂ ਦਾ ਜ਼ਰੀਆ ਨਹੀਂ ਬਣਦੀ।

ਇਸ ਲਈ ਵਾਤਾਵਰਨ ਦੀ ਰਾਖੀ ਲਈ ਹੋਣ ਵਾਲਾ ਸੰਘਰਸ਼ ਇਸ ਦੁਨੀਆਂ ਵਿਚ ਕਿਰਤੀਆਂ ਦੀ ਕਿਰਤ ਦੀ ਰਾਖੀ ਲਈ ਹੋਣ ਵਾਲੇ ਸੰਘਰਸ਼ ਦਾ ਹੀ ਇੱਕ ਅੰਗ ਬਣਦਾ ਹੈ। ਵਾਤਾਵਰਨ ਦੀ ਤਬਾਹੀ ਕਰਨ ਲਈ ਜ਼ਿੰਮੇਵਾਰ ਉਹੀ ਸੰਸਾਰ ਸਾਮਰਾਜੀ ਕਾਰਪੋਰੇਟ ਜਗਤ ਹੈ ਜਿਹੜਾ ਦੁਨੀਆਂ ਭਰ ਦੇ ਕਿਰਤੀਆਂ ਦੀ ਕਿਰਤ ਨੂੰ ਲੁੱਟਣ ਲਈ ਜ਼ਿੰਮੇਵਾਰ ਹੈ। ਸੰਸਾਰ ਕਾਰਪੋਰੇਟ ਜਗਤ ਵੱਲੋਂ ਇਸ ਧਰਤੀ ਦੇ ਕੁਦਰਤੀ ਸੋਮਿਆਂ ਤੇ ਮਨੁੱਖ ਦੀ ਕਿਰਤ ਦਾ ਸੋਸ਼ਣ ਇਕ ਜੁੜਵਾਂ ਅਮਲ ਹੀ ਹੈ ਤੇ ਇਨ੍ਹਾਂ ਦੋਹਾਂ ਦੀ ਰਾਖੀ ਹੀ ਲੋਕਾਂ ਦੀਆਂ ਜਦੋਜਹਿਦਾਂ ਦਾ ਜੁੜਵਾਂ ਮਸਲਾ ਬਣਨਾ ਚਾਹੀਦਾ ਹੈ। ਇਸ ਲਈ ਲੋਕਾਂ ਨੂੰ ਆਪਣੀਆਂ ਹੱਕੀ ਜੱਦੋ ਜਹਿਦਾਂ ਵਿੱਚ ਵਾਤਾਵਰਨ ਦੀ ਰਾਖੀ ਨਾਲ ਸਬੰਧਤ ਮੁੱਦਿਆਂ ਦਾ ਸਥਾਨ ਵਧਾਉਣ ਦੀ ਜ਼ਰੂਰਤ ਦਰਪੇਸ਼ ਹੈ। ਵਾਤਾਵਰਨ ਪ੍ਰੇਮੀਆਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਲੋਕਾਂ ਅੰਦਰ ਵਾਤਾਵਰਨ ਦੀ ਰਾਖੀ ਦੇ ਜਾਗੇ ਹੋਏ ਸਰੋਕਾਰ ਆਖ਼ਿਰ ਨੂੰ ਹਕੂਮਤਾਂ ਮਜਬੂਰ ਕਰਨ ਵਾਲੀਆਂ ਮੰਗਾ ਦੇ ਸਰੋਕਾਰਾਂ ਵਿਚ ਵਟ ਕੇ ਹੀ ਸਾਰਥਕ ਹੋ ਸਕਦੇ ਹਨ। ਇਸ ਅਮਲ ਦੌਰਾਨ ਹੀ ਲੋਕ ਖ਼ੁਦ ਦੇ ਵਿਹਾਰ ਦੇ ਵਿਗਾੜਾਂ ‘ਤੇ ਵੀ ਕਾਬੂ ਪਾਉਂਦੇ ਹਨ।

ਲੋਕਾਂ ਦੀ ਆਪਣੀ ਜ਼ਿੰਦਗੀ ਦੀ ਖੁਸ਼ਹਾਲੀ ਲਈ ਹੋਣ ਵਾਲੀ ਜਮਾਤੀ ਜੱਦੋਜਹਿਦ ਨਾਲੋਂ ਨਿੱਖੜ ਜਾਣ ਵਾਲੇ ਵਾਤਾਵਰਨ ਸਰੋਕਾਰ ਚੰਗੀ ਭਾਵਨਾ ਦੇ ਹੁੰਦਿਆਂ ਵੀ ਗ਼ੈਰ ਪ੍ਰਸੰਗਿਕ ਕੇ ਰਹਿ ਜਾਣ ਲਈ ਸਰਾਪੇ ਜਾਂਦੇ ਹਨ। ਵਾਤਾਵਰਨ ਦੀ ਰਾਖੀ ਦਾ ਮਸਲਾ ਅੰਤਮ ਤੌਰ ‘ਤੇ ਇਸ ਧਰਤੀ ਤੋਂ ਸੰਸਾਰ ਸਾਮਰਾਜੀ ਪ੍ਰਬੰਧ ਦੇ ਖਾਤਮੇ ਨਾਲ ਜੁਡ਼ਿਆ ਹੋਇਆ ਹੈ। ਇਸ ਖ਼ਾਤਮੇ ਲਈ ਚੱਲਣ ਵਾਲੀ ਮਨੁੱਖਤਾ ਦੀ ਜੱਦੋ ਜਹਿਦ ਦਾ ਹੀ ਹਿੱਸਾ ਹੈ। pavelnbs11@gmail.com

Advertisement
Advertisement
Advertisement
Advertisement
Advertisement
error: Content is protected !!