6 ਜੂਨ ਤੱਕ ਕਾਗਜ਼ ਭਰਨ ਦੀ ਆਖਿਰੀ ਤਾਰੀਖ, 5 ਜੂਨ ਨੂੰ ਨਹੀਂ ਭਰੇ ਜਾਣਗੇ ਨਾਮਜਦਗੀ ਪੱਤਰ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 30 ਮਈ:2022
ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਪਹਿਲੇ ਦਿਨ ਲੋਕ ਸਭਾ ਹਲਕਾ ਸੰਗਰੂਰ ’ਚ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏੇ । ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਅੱਜ ਤੋਂ ਸ਼ੁਰੂ ਹੋਈ ਪ੍ਰਕਿਰਿਆ ਦੇ ਤਹਿਤ ਕਿਸੇ ਵੀ ਉਮੀਦਵਾਰ ਨੇ ਆਪਣਾ ਕਾਗਜ਼ ਦਾਖਲ ਨਹੀਂ ਕਰਵਾਇਆ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 6 ਜੂਨ ਤੱਕ ਕਾਗਜ਼ ਭਰਨ ਦੀ ਪ੍ਰਕਿਰਿਆ ਜਾਰੀ ਰਹੇਗੀ , ਜਦਕਿ 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਉਨਾਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ, ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮਾਂ ਕਰਵਾਏ ਜਾ ਸਕਦੇ ਹਨ । ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 7 ਜੂਨ ਨੂੰ ਹੋਵੇਗੀ ਜਦਕਿ 9 ਜੂਨ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਉਨਾਂ ਦੱਸਿਆ ਕਿ 23 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ