ਭਗਵੰਤ ਮਾਨ ਦਾ ਵਿਰੋਧੀਆਂ ਨੂੰ ਭੰਡਣ ਤੇ ਜ਼ੋਰ, ਕੰਮ ਨਹੀਂ ਕੋਈ ਕੀਤਾ ਹੋਰ
ਰਘਵੀਰ ਹੈਪੀ , ਬਰਨਾਲਾ 17 ਜੂਨ 2022
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜੈਕਟ ਦੇ ਰੰਗ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਅੱਜ ਫਿਰ ਭਗਵੰਤ ਮਾਨ ਤੇ ਠੋਕਵਾਂ ਵਾਰ ਕੀਤਾ ਹੈ। ਕੇਵਲ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਜੈਕਟ ਦਾ ਫਿਕਰ ਛੱਡ ਕੇ ਪੰਜਾਬ ਦੇ ਲੋਕਾਂ ਦਾ ਫਿ਼ਕਰ ਕਰਨਾ ਚਾਹੀਦਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜੀ ਹੋਈ ਹੈ। ਰੋਜ਼ਾਨਾ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ। ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕਾਂ ਸਮੇਤ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਚੁੱਕਿਆ ਹੈ। ਕਿਸੇ ਵਿਅਕਤੀ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਾਲਾਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ, ਜਦਕਿ ਉਨ੍ਹਾਂ ਨੂੰ ਤਾਂ ਸੂਬੇ ਦੀ ਹਾਲਤ ਤੋਂ ਜਿਆਦਾ ਮੇਰੀ ਜੈਕਟ ਹੀ ਦਿਸ ਰਹੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਕਹਿੰਦੇ ਸਨ ਕਿ ਉਹ ਆਪਣੇ ਕੰਮਾਂ ਦੇ ਬਦਲੇ ਲੋਕਾਂ ਤੋਂ ਵੋਟ ਮੰਗਣਗੇ। ਪ੍ਰੰਤੂ ਹੁਣ ਸਰਕਾਰ ਦੇ ਕੰਮ ਗਿਨਾਉਣ ਦੀ ਥਾਂ ਸਿਰਫ਼ ਵਿਰੋਧੀਆਂ ਨੂੰ ਭੰਡਣ ਦੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਤਿੰੰਨ ਮਹੀਨਿਆਂ ਦੀ ਕੋਈ ਵੀ ਪ੍ਰਾਪਤੀ ਨਹੀਂ ਹੈ । ਚੋਣਾਂ ਮੌਕੇ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਖਾਸ ਕਰ ਸੰਗਰੂਰ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤਿੰਨ ਮਹੀਨਿਆਂ ਵਿੱਚ ਹੀ ਦੁਖੀ ਹੋ ਚੁੱਕੇ ਹਨ। ਜਿਸ ਕਰਕੇ ਇਸ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ ਅਤੇ ਹਾਰ ਸਾਹਮਣੇ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਬੌਖਲਾ ਚੁੱਕੇ ਹਨ ਅਤੇ ਊਟਪਟਾਂਗ ਬਿਆਨ ਦੇ ਰਹੇ ਹਨ।