ਚੋਣ ਸਮੇਂ ਹਲਕੇ ਤੋਂ ਬਾਹਰੀ ਵਿਅਕਤੀਆਂ ਲਈ ਨੋ ਐਂਟਰੀ

Advertisement
Spread information

ਲੋਕ ਸਭਾ ਹਲਕੇ ਤੋਂ ਬਾਹਰੀ ਵੋਟਰਾਂ ਦੀ ਭਾਲ ਲਈ ਸਰਗਰਮ ਹੋਈਆਂ ਚੌਕਸੀ ਟੀਮਾਂ
* ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਵਲੋਂ ਖੁਦ ਹੋਟਲਾਂ, ਰੈਸਟੋਰੈਂਟਾਂ ਸਮੇਤ ਹੋਰ ਥਾਵਾਂ ਦੀ ਚੈਕਿੰਗ
* ਰਿਟਰਨਿੰਗ ਅਫ਼ਸਰ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਦਾ ਹੁਕਮ 


ਹਰਪ੍ਰੀਤ ਕੌਰ ਬਬਲੀ , ਸੰਗਰੂਰ, 22 ਜੂਨ:2022
    ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਬਾਹਰੀ ਵਿਅਕਤੀਆਂ ਦੇ ਠਹਿਰਣ ’ਤੇ ਪਾਬੰਦੀ ਹੁਕਮ ਲਾਗੂ ਹੋਣ ਤੋਂ ਬਾਅਦ ਅੱਜ ਦੇਰ ਸ਼ਾਮ ਰਿਟਰਨਿੰਗ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਪੁਲਿਸ ਅਧਿਕਾਰੀਆਂ ਸਮੇਤ ਹੋਟਲਾਂ, ਰੈਸਟੋਰੈਂਟਾਂ, ਕਮਿਊਨਟੀ ਸੈਂਂਟਰ, ਧਰਮਸ਼ਾਲਾਵਾਂ, ਲੌਜ, ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ।ਰਿਟਰਨਿੰਗ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਨੇ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ  ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਹੈ ਅਤੇ ਸਾਰੇ ਬਾਹਰੀ ਵਿਅਕਤੀਆਂ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ ਦੀ ਹਦਾਇਤ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਉਨਾਂ ਕਿਹਾ ਕਿ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ,  ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ, ਪਾਰਟੀ ਵਰਕਰਾਂ ਅਤੇ ਕੰਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣ ਲਈ ਲੋੜੀਂਦੀਆਂ ਘੋਸ਼ਣਾਵਾਂ ਕਰ ਦਿੱਤੀਆਂ ਗਈਆਂ ਸਨ। ਉਨਾਂ ਦੱਸਿਆ ਕਿ ਪੁਲਿਸ ਸਮੇਤ ਹੋਰ ਚੌਕਸੀ ਟੀਮਾਂ ਅਜਿਹੇ ਗੈਰ ਹਲਕਾ ਵੋਟਰਾਂ ਦੀ ਭਾਲ ਲਈ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ।
ਉਨਾਂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗੇ ਹੋਏ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ  ਅਜਿਹੀਆਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।
ਉਨਾਂ ਕਿਹਾ ਕਿ ਲੋਕ ਸਭਾ ਹਲਕੇ ’ਚ ਚੋਣ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾਵੇਗਾ ਪਰ ਜੇਕਰ ਕੋਈ ਵੀ ਵਿਅਕਤੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਖਿਲਾਫ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!