Advertisement
ਜ਼ਿਲਾ ਅਤੇ ਸਬ ਡਵੀਜ਼ਨ ਪੱਧਰ ’ਤੇ 24 ਘੰਟੇ ਕਾਰਜਸ਼ੀਲ ਰਹਿਣਗੇ ਕੰਟਰੋਲ ਰੂਮ
* ਪ੍ਰਸ਼ਾਸਨ, ਸਬੰਧਤ ਵਿਭਾਗਾਂ ਅਤੇ ਫੌਜ ਵੱਲੋਂ ਛੇਤੀ ਹੀ ਕਰਵਾਈ ਜਾਵੇਗੀ ਮੌਕ ਡਰਿੱਲ
ਪਰਦੀਪ ਕਸਬਾ , ਸੰਗਰੂਰ, 30 ਜੂਨ 2022
ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਤਾਂ ਜੋ ਹੜਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਿਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਨਾਜੁਕ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਉੱਤੇ ਸਥਾਪਤ ਫਲੱਡ ਕੰਟਰੋਲ ਰੂਮ ਨੰਬਰ 01672-234196 ਵਾਂਗ
ਸਬ ਡਵੀਜ਼ਨ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਜੋ ਕਿ 24 ਘੰਟੇ ਸੇਵਾਵਾਂ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਦਾ ਮਾਰੂ ਪ੍ਰਭਾਵ ਪੈਣ ਦੀ ਸੰਭਾਵਨਾ ਹੋਵੇ ਉਸ ਇਲਾਕੇ ਦੇ ਲੋਕਾਂ ਨੂੰ ਲੋੜ ਪੈਣ ‘ਤੇ ਲੋੜੀਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਦੇ ਅਗੇਤੇ ਪ੍ਰਬੰਧ ਰੱਖੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਸਟੇਟ ਫਲੱਡ ਕੰਟਰੋਲ ਰੂਮ ਨਾਲ ਵੀ ਲਗਾਤਾਰ ਰਾਬਤਾ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਖੁਦ ਨਿਗਰਾਨੀ ਰੱਖੀ ਜਾਵੇ ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜ਼ਬਾਹੇ ਤੋਂ ਇਲਾਵਾ ਬਰਸਾਤੀ ਨਾਲਿਆਂ, ਨਦੀਆਂ ਆਦਿ ਵਿੱਚੋਂ ਵਾਧੂ ਦੀ ਜੜ੍ਹੀ ਬੂਟੀ ਅਤੇ ਗੰਦਗੀ ਦੀ ਸਮੇਂ ਸਿਰ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਲੋੜ ਪੈਣ ‘ਤੇ ਆਪਣੇ ਅਧਿਕਾਰ ਖੇਤਰ ਵਿੱਚ ਜੇ.ਸੀ.ਬੀ ਮਸ਼ੀਨਾਂ ਦਾ ਪ੍ਰਬੰਧ ਰੱਖਣ। ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਸੰਭਾਵੀ ਸਥਿਤੀ ਲਈ ਮੈਡੀਕਲ ਸਹੂਲਤਾਂ, ਖਾਣ ਪੀਣ ਦੀਆਂ ਵਸਤਾਂ ਦੇ ਭੰਡਾਰ, ਪਸ਼ੂਆਂ ਦੇ ਚਾਰੇ ਅਤੇ ਡਾਕਟਰੀ ਸਹੂਲਤਾਂ, ਬਿਜਲੀ ਸਪਲਾਈ, ਸੜਕਾਂ ਦੀ ਆਵਾਜਾਈ ਚਾਲੂ ਰੱਖਣ, ਟਰਾਂਸਪੋਰਟ ਸਬੰਧੀ, ਪੁਲਿਸ ਗਸ਼ਤ, ਟੈਲੀਫੋਨ ਸੇਵਾਵਾਂ ਚਾਲੂ ਰੱਖਣ ਅਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਅਤੇ ਜਰੂਰੀ ਵਸਤੂਆਂ ਦੇ ਪ੍ਰਬੰਧਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਉਨ੍ਹਾਂ ਪੀਣ ਵਾਲੇ ਸਾਫ ਪਾਣੀ ਦੀ ਵੀ ਉਪਲਬਧਤਾ ਲਈ ਉਚਿਤ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ
ਪ੍ਰਸ਼ਾਸ਼ਨ, ਸਬੰਧਤ ਵਿਭਾਗਾਂ ਅਤੇ ਫੌਜ ਦੀ ਤਰਫੋਂ ਮੌਕ ਡਰਿੱਲ ਵੀ ਕੀਤੀ ਜਾਵੇਗੀ ਤਾਂ ਜੋ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ‘ਤੇ ਉਪਲਬਧ ਸਾਧਨਾਂ ਦੀ ਤਿਆਰੀ ਦਾ ਜਾਇਜ਼ਾ ਲਿਆ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਲਤੀਫ਼ ਅਹਿਮਦ, ਐਸ ਡੀ ਐਮ ਮੂਨਕ ਨਵਰੀਤ ਕੌਰ ਸੇਖੋਂ, ਐਸ ਡੀ ਐਮ ਸੁਨਾਮ ਜਸਪ੍ਰੀਤ ਸਿੰਘ, ਐਸ ਡੀ ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ ਡੀ ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ ਡੀ ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਅਤੇ ਸਮੂਹ ਸਬੰਧਤ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
Advertisement
Advertisement
Advertisement
Advertisement
Advertisement