ਹਰਪ੍ਰੀਤ ਕੌਰ ਬਬਲੀ , ਸੰਗਰੂਰ, 10 ਜੁਲਾਈ 2022
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਅਧਿਆਪਕਾਂ ਤੇ ਪੁਲਿਸ ਵੱਲੋਂ ਵਰ੍ਹਾਈਆਂ ਡਾਂਗਾਂ ਤੋਂ ਬਾਅਦ ਅਧਿਕਾਪਕਾਂ ‘ਚ ਰੋਹ ਫੈਲ ਗਿਆ ਹੈ। ਹੱਕ ਮੰਗਦੇ ਬੇਰੁਜਗਾਰਾਂ ਦੀ ਅਵਾਜ ਡਾਂਗਾਂ ਨਾਲ ਚੁੱਪ ਕਰਵਾਉਣ ਦੀ ਸਰਕਾਰ ਵੱਲੋਂ ਅਖਤਿਆਰ ਕੀਤੀ ਨੀਤੀ ਦਾ ਡੈਮੋਕਰੇਟਿਕ ਟੀਚਰਜ ਫਰੰਟ ਨੇ ਤਿੱਖਾ ਵਿਰੋਧ ਕੀਤਾ ਹੈ। ਅੱਜ 646 ਪੀ.ਟੀ.ਆਈ. ਅਧਿਆਪਕਾਂ ‘ਤੇ ਲਾਠੀਚਾਰਜ ਰਾਹੀਂ ਵੱਡੀ ਗਿਣਤੀ ਬੇਰੁਜ਼ਗਾਰਾਂ ਨੂੰ ਜ਼ਖ਼ਮੀ ਕਰਨ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ਼.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਖ਼ਤ ਨਿਖੇਧੀ ਕੀਤੀ ਹੈ ।
ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਪਿਛਲੇ ਸਮੇਂ ਦੀ ਕੈਪਟਨ ਸਰਕਾਰ ਦੀ ਤਰਜ਼ ‘ਤੇ ਸੰਘਰਸ਼ੀ ਵਰਗਾਂ ਦੀ ਅਵਾਜ਼ ਡੰਡੇ ਦੇ ਜੋਰ ‘ਤੇ ਦਬਾਉਣ ਦੀ ਬਜਾਏ, ਬੇਰੁਜਗਾਰਾਂ ਲਈ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਅਤੇ ਭਰਤੀਆਂ ਪੂਰੀਆਂ ਕਰਵਾਉਣ ਲਈ ਸੰਘਰਸ਼ਸ਼ੀਲ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਦਾ ਫੌਰੀ ਠੋਸ ਹੱਲ ਕਰਨ ਦੀ ਨਸੀਹਤ ਦਿੱਤੀ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਬੇਰੁਜ਼ਗਾਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਵਿਚਾਰ ਕੇ ਸਮੂਹ ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਦੀ ਭਰਤੀ ਕਰੇ ਅਤੇ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਅਸਾਮੀਆਂ ਦਾ ਖ਼ਾਤਮਾ ਕਰਨ ਦੀ ਬਜਾਏ ਸਮੂਹ ਬੇਰੁਜ਼ਗਾਰ ਅਧਿਆਪਕਾਂ ਤੇ ਹੋਰਨਾਂ ਬੇਰੁਜ਼ਗਾਰਾਂ ਲਈ ਪੰਜਾਬ ਪੈਟਰਨ ਦੀ ਪੂਰੀ ਤਨਖਾਹ ਸਕੇਲ ‘ਤੇ ਪੱਕੀਆਂ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇ।
ਡੀ.ਟੀ.ਐੱਫ. ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਤਰਨਤਾਰਨ, ਤੇਜਿੰਦਰ ਸਿੰਘ, ਸੁਖਦੇਵ ਡਾਨਸੀਵਾਲ, ਮੇਘ ਰਾਜ, ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ ਅਤੇ ਕਰਮਜੀਤ ਨਦਾਮਪੁਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿੱਤ ਦਿਨ ਹੱਕ ਮੰਗਦੇ ਲੋਕਾਂ ‘ਤੇ ਹੋਣ ਵਾਲੇ ਲਾਠੀਚਾਰਜ਼ ਗਵਾਹੀ ਭਰਦੇ ਹਨ ਕਿ ਕੇਜਰੀਵਾਲ, ਭਗਵੰਤ ਮਾਨ ਅਤੇ ਮੋਦੀ ਉਪਰੋਂ ਭਾਵੇਂ ਦੋਵੇ ਵੱਖੋ ਵੱਖਰੀਆਂ ਪਾਰਟੀਆਂ ਪ੍ਰਮੁੱਖ ਹੋਣ ਦਾ ਦਿਖਾਵਾ ਕਰ ਰਹੇ ਹਨ ਪਰ ਨੀਤੀਆਂ ਪੱਖੋਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ। ਉਨ੍ਹਾਂ ਕਿਹਾ ਕਿ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਲਾਠੀ ਨਾਲ ਗੱਲ ਕਰਨ ਦੀ ਬਜਾਏ ਬੇਰੁਜ਼ਗਾਰ ਅਧਿਆਪਕ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਹੱਕੀ ਰੁਜ਼ਗਾਰ ਦੀ ਮੰਗ ਤੁਰੰਤ ਪੂਰੀ ਕੀਤੀ ਜਾਵੇ।