ਪ੍ਰਿੰਸੀਪਲ ਦੀਆਂ ਤਰੱਕੀਆਂ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੁਰੰਤ ਲਾਏ ਜਾਣ :ਡੀ.ਟੀ.ਐੱਫ.
ਸਿੱਖਿਆ ਨੂੰ ਪਹਿਲ ਦੇਣ ਦਾ ਨਾਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ 46 ਵਿੱਚੋਂ 18 ਅਸਾਮੀਆਂ ਖਾਲੀ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਇਸ ਨੂੰ ਆਪ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫਰਕ ਕਰਾਰ ਦਿੱਤਾ ਹੈ। ਇੱਥੇ ਦੱਸਣਯੋਗ ਹੈ ਕਿ ਵੱਡੀ ਗਿਣਤੀ ਵਿੱਚ ਅਧਿਕਾਰੀਆਂ, ਟੀਚਿੰਗ ਅਤੇ ਨਾਨ ਟੀਚਿੰਗ ਅਮਲੇ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਪੰਜਾਬ ਵਿੱਚ ਸਿੱਖਿਆ ਪ੍ਰਬੰਧ ਬੁਰੀ ਤਰ੍ਹਾਂ ਡਗਮਗਾ ਚੁੱਕਿਆ ਹੈ ਅਤੇ ਕਈ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਤੋਂ ਪੂਰੀ ਤਰ੍ਹਾਂ ਵਿਰਵੇ ਹੋਣ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਰੁਕੀਆਂ ਹੋਈਆਂ ਹਨ।
- ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ,ਵਿੱਤ ਸਕੱਤਰ ਅਸ਼ਵਨੀ ਅਵਸਥੀ,ਸੂਬਾ ਮੀਤ ਪ੍ਰਧਾਨ ਰਾਜੀਵ ਕੁਮਾਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਨੇ ਦੱਸਿਆ ਕਿ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱ.)ਦੀਆਂ 22 ਅਸਾਮੀਆਂ ਵਿੱਚੋਂ 11 ਅਸਾਮੀਆਂ ਖਾਲੀ ਹਨ ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਦੀਆਂ 22 ਅਸਾਮੀਆਂ ਵਿੱਚੋਂ 5 ਅਸਾਮੀਆਂ ਖਾਲੀ ਹਨ ਜਦਕਿ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਵਿੱਚ ਹਾਲੇ ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਦਿੱਤੀਆਂ ਹੀ ਨਹੀਂ ਗਈਆਂ ਹਨ, ਇੱਥੇ ਬਾਹਰਲੇ ਜ਼ਿਲ੍ਹਿਆਂ ਵਿੱਚੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ, ਨਵਾਂ ਸ਼ਹਿਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਦੋਵੇਂ-ਦੋਵੇਂ ਅਸਾਮੀਆਂ(ਐਲੀਮੈਂਟਰੀ ਅਤੇ ਸੈਕੰਡਰੀ) ਖਾਲੀ ਹਨ। ਇੰਨ੍ਹਾਂ ਜ਼ਿਲ੍ਹਿਆਂ ਦਾ ਚਾਰਜ ਬਾਹਰਲੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਨੂੰ ਦੇਣ ਦੀ ਡੰਗ ਟਪਾਊ ਨੀਤੀ ਦੀ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਇੰਨ੍ਹਾਂ ਜ਼ਿਲ੍ਹਿਆਂ ਵਿੱਚ ਕੋਈ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਹੀਂ ਹੈ ਤਾਂ ਪੰਜਾਬ ਸਰਕਾਰ ਦੀ ਸਿੱਖਿਆ ਨੂੰ ਪਹਿਲ ਦੇਣ ਦੀ ਦਿਖਾਵੇ ਵਾਲੀ ਨੀਤੀ ਸਵੀਕਾਰ ਯੋਗ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਸਿੱਖਿਆ ਸੁਧਾਰਾਂ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਖਾਲੀ ਰਹਿੰਦੀਆਂ ਸਾਰੀਆਂ ਅਸਾਮੀਆਂ ਤੁਰੰਤ ਭਰਦੇ ਹੋਏ ਅਤੇ ਪ੍ਰਿੰਸੀਪਲਾਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਤੁਰੰਤ ਕਰਦੇ ਹੋਏ ਠੋਸ ਕਦਮ ਚੁੱਕੇ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਸਿੰਘ ਫੂਲੇਵਾਲਾ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ, ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਤੇਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਹਾਜ਼ਰ ਸਨ।