ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 7 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ
ਰਘਵੀਰ ਹੈਪੀ , ਬਰਨਾਲਾ, 4 ਅਗਸਤ 2022
ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ‘ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੁਕਤਾ ਹਫਤਾ 1 ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸੇਸ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਨਵਜਨਮੇ ਬੱਚੇ ਦੀ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਮਾਂ ਦੇ ਦੁੱਧ ਦੀ ਬਹੁਤ ਮਹੱਤਤਾ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ, ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਊਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਹਰਜੀਤ ਸਿੰਘ ਨੇ ਸੇਖਾ, ਜਲੂਰ, ਠੁੱਲੇਵਾਲ ਅਤੇ ਕਰਮਗੜ ਆਦਿ ਸਿਹਤ ਕੇਂਦਰਾਂ ‘ਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਦੀ ਸਿਹਤ ਲਈ ਜ਼ਰੂਰੀ ਖੁਰਾਕ ਹੈ। ਉਨ੍ਹਾਂ ਕਿਹਾ ਕਿ ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਦੁੱਧ ਦੇ ਪੌਸ਼ਟਿਕ ਤੱਤਾਂ ਨਾਲ ਜਿਥੇ ਬੱਚਾ ਬਿਮਾਰੀਆਂ ਨਾਲ ਲੜਣ ਲਈ ਸਕਤੀ ਹਾਸਲ ਕਰਦਾ ਹੈ ਉੱਥੇ ਹੀ ਇਹ ਬੱਚੇ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਬਹੁਤ ਜਰੂਰੀ ਹੈ। ਮਾਂ ਦੇ ਦੁੱਧ ਨਾਲ ਬੱਚੇ ਨੂੰ ਪ੍ਰੋਟੀਨ, ਖਣਿਜ ਪਦਾਰਥ ਤੇ ਵਿਟਾਮਿਨਜ਼ ਦੀ ਮਾਤਰਾ ਸੰਪੂਰਨ ਰੂਪ ਵਿਚ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਦਸਤ, ਅਨੀਮੀਆ ਆਦਿ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤੱਕ ਬੱਚੇ ਨੂੰ ਪਾਣੀ ਪਿਲਾਉਣ ਦੀ ਜ਼ਰੂਰਤ ਨਹੀਂ ਹੁੰਦੀ ਬਲਕਿ ਮਾਂ ਦਾ ਦੁੱਧ ਹੀ ਬੱਚੇ ਦੀ ਪਾਣੀ ਦੀ ਜਰੂਰਤ ਪੂਰੀ ਕਰਦਾ ਹੈ। ਛੇ ਮਹੀਨੇ ਤੋਂ ਬਾਅਦ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਤਰਲ ਭੋਜਣ ਦੇਣਾ ਚਾਹੀਦਾ ਹੈ। ਬੱਚੇ ਨੂੰ ਘੱਟੋ ਘੱਟ 2 ਸਾਲ ਤੱਕ ਮਾਂ ਦਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਪਿਲਾਉਣ ਨਾਲ ਮਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦਾ ਖਤਰਾ ਘਟ ਜਾਂਦਾ ਹੈ।ਸਿਹਤ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਮਾਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਮਾਜ ਵਿੱਚ ਜਨਮ ਸਮੇਂ ਬੱਚੇ ਨੂੰ ਗੁੜ੍ਹਤੀ ਦੇਣ ਨਾਲ ਬੱਚੇ ਨੂੰ ਪੇਟ ਦੀ ਇਨਫੈਕਸ਼ਨ ਦਾ ਖਤਰਾ ਬਣ ਜਾਂਦਾ ਹੈ।
One thought on “ਮਾਂ ਦਾ ਦੁੱਧ ਬੱਚੇ ਦੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਜ਼ਰੂਰੀ: ਡਾ. ਜਸਬੀਰ ਸਿੰਘ ਔਲਖ”
Comments are closed.