ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ ਦਾ ਜਿ਼ਲ੍ਰਾ ਪੱਧਰੀ ਸਮਾਗਮ
ਫ਼ਤਹਿਗੜ੍ਹ ਸਾਹਿਬ, 15 ਅਗਸਤ (ਪੀ ਟੀ ਨੈੱਟਵਰਕ)
ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਉਪਰੰਤ ਮਿਲੀ ਆਜ਼ਾਦੀ ਦਾ ਦੇਸ਼ ਨੇ ਵੱਡਾ ਮੁੱਲ ਚੁਕਾਇਆ ਹੈ ਅਤੇ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਿੱਚ ਪੰਜਾਬੀਆਂ ਦਾ 80 ਫੀਸਦੀ ਤੋਂ ਵੱਧ ਯੋਗਦਾਨ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤਾਂ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਉਨ੍ਰਾਂ ਵੱਲੋਂ ਤਸੁਵੱਰ ਕੀਤੇ ਸਮਾਜ ਦੀ ਸਿਰਜਣਾ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਯਤਨ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।
ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿੱਚ ਵਾਧਾ ਕਰਕੇ ਇੱਕ ਕਰੋੜ ਰੁਪਏੇ ਕੀਤਾ ਹੈ ਅਤੇ ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਆਸ਼ਰਤਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਸਮਾਜ ਦੇ ਕਮਜੋਰ ਵਰਗ ਦੇ ਲੋਕਾਂ ਨੂੰ ਆਪਣੀ ਛੱਤ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਛੇਤੀ ਹੀ 25,000 ਨਵੇਂ ਮਕਾਨ ਬਣਾ ਕੇ ਸਸਤੀਆਂ ਦਰਾਂ ’ਤੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਇਨ੍ਹਾਂ ਲੋਕਾਂ ਨੂੰ ਆਪਣੀ ਛੱਤ ਨਸੀਬ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਵਿੱਚ 75 ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜੋ ਕਿ ਅੱਜ ਤੋਂ ਕੰਮ ਸ਼ੁਰੂ ਕਰ ਦੇਣਗੇ।