ਲੰਪੀ ਸਕਿੱਨ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤਣ ਨਾਲ ਕੋਈ ਨੁਕਸਾਨ ਨਹੀਂ: ਡਿਪਟੀ ਡਾਇਰੈਕਟਰ ਪਸ਼ੂ ਪਾਲਣ
ਸੰਗਰੂਰ, 22 ਅਗਸਤ (ਹਰਪ੍ਰੀਤ ਕੌਰ ਬਬਲੀ)
ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੰਪੀ ਸਕਿੱਨ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਅਤੇ ਇਹ ਮਨੁੱਖਾਂ ਲਈ ਨੁਕਸਾਨਦੇਹ ਨਹੀਂ। ਉਨ੍ਹਾਂ ਨੇ ਇਸ ਰੋਗ ਦੇ ਫ਼ੈਲਣ ਤੋਂ ਬਾਅਦ ਚੱਲੀਆਂ ਵੱਖ-ਵੱਖ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਹਾਲਾਂ ਤੱਕ ਇੱਕ ਵੀ ਕੇਸ ਅਜਿਹਾ ਸਾਹਮਣੇ ਨਹੀਂ ਆਇਆ, ਜਿਸ ਤੋਂ ਇਹ ਪੁਸ਼ਟੀ ਹੁੰਦੀ ਹੋਵੇ ਕਿ ਇਹ ਬਿਮਾਰੀ ਪਸ਼ੂਆਂ ਤੋਂ ਮਨੁੱਖਾਂ ਨੂੰ ਲੱਗਦੀ ਹੈ। ਉਨ੍ਹਾਂ ਪਸ਼ੂ ਪਾਲਕਾਂ ਅਤੇ ਡੇਅਰੀ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪੀੜਤ ਪਸ਼ੂਆਂ ਦਾ ਪੂਰਾ ਧਿਆਨ ਰੱਖਣ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਜ ਕਰਵਾਉਣ। ਡਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਦੀਆਂ ਟੀਮਾਂ ਨਿਰੰਤਰ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਗਊਸ਼ਾਲਾਵਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਬੰਧਕਾਂ ਨੂੰ ਪਸ਼ੂਆਂ ਦੇ ਬਚਾਅ ਤੇ ਬਿਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਕਿਹਾ ਕਿ ਵਿਭਾਗ ਕੋਲ ਦਵਾਈਆਂ ਅਤੇ ਟੀਕਿਆਂ ਦੀ ਕੋਈ ਘਾਟ ਨਹੀਂ ਅਤੇ ਸਰਕਾਰ ਪਾਸੋਂ ਨਿਰੰਤਰ ਸਪਲਾਈ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬਿਮਾਰ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਰੱਖਿਆ ਜਾਵੇ। ਬਾਹਰ ਨਾ ਲਿਜਾਇਆ ਜਾਵੇ ਅਤੇ ਪਸ਼ੂ ਮਾਹਿਰਾਂ ਪਾਸੋਂ ਉਨ੍ਹਾਂ ਦਾ ਇਲਾਜ ਕਰਵਾੲਆ ਜਾਵੇ।