ਸਾਡੀ ਸਰਕਾਰ ਨੇ ਪ੍ਰਸ਼ਾਸਨ ਨੂੰ ਬਣਾਇਆ ਕੁਸ਼ਲ ਤੇ ਜਵਾਬਦੇਹ: ਡਾ. ਇੰਦਰਬੀਰ ਸਿੰਘ ਨਿੱਝਰ
ਸੰਗਰੂਰ ਪਹਿਲੀ ਵਾਰ ਪਹੁੰਚਣ ‘ਤੇ ਪੁਲਿਸ ਦੀ ਟੁਕੜੀ ਨੇ ਦਿੱਤੀ ਕੈਬਨਿਟ ਮੰਤਰੀ ਨੂੰ ਸਲਾਮੀ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 24 ਅਗਸਤ 2022
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਵਾਗ-ਡੋਰ ਸੰਭਾਲ਼ਦਿਆਂ ਹੀ ਰਿਸ਼ਵਤਖ਼ੋਰੀ ਨੂੰ ਕਾਮਯਾਬੀ ਨਾਲ ਨੱਥ ਪਾਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸੰਗਰੂਰ ਪਹੁੰਚਣ ਮੌਕੇ ਕੀਤਾ । ਜਿੱਥੇ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਇੱਕ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਰੋਕਣ ਦੇ ਨਾਲ-ਨਾਲ ਪ੍ਰਸ਼ਾਸਨ ਨੂੰ ਲੋਕਾਂ ਦੇ ਕੰਮਾਂ ਲਈ ਕੁਸ਼ਲ ਤੇ ਜਵਾਬਦੇਹ ਵੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਦਫ਼ਤਰਾਂ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਖੱਜਲ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ‘ਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੀ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ‘ਚ ਪਹਿਲਾਂ ਹੋਈਆਂ ਬੇਨਿਯਮੀਆਂ ਦੀ ਜਾਂਚ ਕਰਵਾਈ ਜਾਵੇਗੀ ਤੇ ਮੌਜੂਦਾ ਸਮੇਂ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੀਟਿੰਗ ਦੌਰਾਨ ਸ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਜਾਇਜ਼ ਇਮਾਰਤਾਂ ਦੀ ਉਸਾਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਤੇ ਬਗੈਰ ਨਕਸ਼ੇ ਤੋਂ ਕਿਸੇ ਨੂੰ ਵੀ ਕੋਈ ਉਸਾਰੀ ਕਰਨ ਨਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਮਹਿਕਮੇ ਦੇ ਅਧਿਕਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ ਤੇ ਇਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਕਰਮਚਾਰੀ ਵੀ ਆਪਣੀ ਕਾਰਜਪ੍ਰਣਾਲੀ ‘ਚ ਸੁਧਾਰ ਲਿਆਉਣ ਤਾਂ ਜੋ ਸਰਕਾਰੀ ਦਫ਼ਤਰਾਂ ‘ਚ ਬਿਨਾ ਕਿਸੇ ਦਿੱਕਤ ਤੋਂ ਲੋਕਾਂ ਦੇ ਕੰਮ ਹੋ ਸਕਣ। ਇਸ ਮੌਕੇ ਉਨ੍ਹਾਂ ਸੀਵਰੇਜ ਟਰੀਟਮੈਂਟ ਪਲਾਂਟ ਪੂਰੀ ਸਮਰੱਥਾ ਨਾਲ ਨਿਰਧਾਰਤ ਸਮੇਂ ਤਕ ਮੁਕੰਮਲ ਕਰਕੇ ਚਾਲੂ ਕਰਨ ਦੇ ਨਾਲ-ਨਾਲ ਪੂਰੇ ਸੀਵਰੇਜ ਸਿਸਟਮ ਨੂੰ ਸਹੀ ਢੰਗ ਨਾਲ ਚਾਲੂ ਰੱਖਣ ਦੀ ਵੀ ਹਦਾਇਤ ਕੀਤੀ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ,
ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਅਵਤਾਰ ਸਿੰਘ ਈਲਵਾਲ, ਹਰਦੀਪ ਸਿੰਘ ਭਰੂਰ, ਮਹਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ ਡੀ ਐਮ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।