ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮਿਲੇ: ਸਿਵਲ ਸਰਜਨ
ਬਰਨਾਲਾ, 25 ਅਗਸਤ (ਰਘਬੀਰ ਹੈਪੀ)
ਸਿਹਤ ਵਿਭਾਗ ਬਰਨਾਲਾ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਜਸਬੀਰ ਸਿੰਘ ਔਲਖ ਵੱਲੋਂ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਅਤੇ ਉਨਾਂ ਵਿੱਚ ਹੋਰ ਸੁਧਾਰ ਕਰਨ ਲਈ ਮੀਟਿੰਗ ਵਿੱਚ ਹਾਜ਼ਰ ਸਾਰੇ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਨਾਲ ਜੁਲਾਈ 2022 ਮਹੀਨੇ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਜ਼ਿਲੇ ਵਿੱਚ ਸੰਸਥਾਗਤ ਜਣੇਪੇ ਦੀ ਦਰ ਨੂੰ ਵੱਧ ਤੋਂ ਵੱਧ ਰੱਖਣ, ਘਰੇਲੂ ਜਣੇਪੇ ਦੀ ਦਰ ਨੂੰ ਖਤਮ ਕਰਨ, ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਇਲਾਜ, ਸੁਰੱਖਿਅਤ ਮਾਤ੍ਰਤਵ ਅਭਿਆਨ ਪ੍ਰੋਗਰਾਮ ਅਧੀਨ ਵਿਸ਼ੇਸ਼ ਜਾਂਚ, ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਅਤੇ ਕੋਵਿਡ ਟੀਕਾਕਰਨ ਦਾ ਟੀਚਾ ਪੂਰਾ ਕਰਨ ਆਦਿ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਾ. ਔਲਖ ਨੇ ਦੱਸਿਆ ਕਿ ਜ਼ੱਚਾ ਬੱਚਾ ਟੀਕਾਕਰਨ ਸਬੰਧੀ ਪ੍ਰਮੁੱਖਤਾ ਦੇ ਤੌਰ ’ਤੇ ਧਿਆਨ ਦੇਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਦਾ ਹਰ ਇਕ ਅਧਿਕਾਰੀ ਕਰਮਚਾਰੀ ਆਪਣੀ ਡਿਊਟੀ ਤਨਦੇਹੀ, ਜ਼ਿੰਮੇਵਾਰੀ ਨਾਲ ਨਿਭਾਵੇ ਤਾਂ ਜੋ ਲੋਕ ਸਿਹਤ ਵਿਭਾਗ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ। ਮੀਟਿੰਗ ਦੌਰਾਨ ਸਮੂਹ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ ਆਦਿ ਹਾਜ਼ਰ ਸਨ।