ਖਿਡਾਰੀਆਂ ਦੀ ਸੁਵਿਧਾ ਲਈ ਹਰ ਖੇਡ ਮੈਦਾਨ ਵਿੱਚ ਹੈਲਪਡੈਸਕ ਲਗਾਉਣ ਦੀ ਹਦਾਇਤ
ਸੰਗਰੂਰ, 26 ਅਗਸਤ (ਹਰਪ੍ਰੀਤ ਕੌਰ ਬਬਲੀ)
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲਾ ਸੰਗਰੂਰ ਵਿਖੇ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਤਿਆਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੇ ਕਾਰਜਸਾਧਕ ਅਫ਼ਸਰਾਂ ਨਾਲ ਵਿਸਤਿ੍ਰਤ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਇਨਾਂ ਖੇਡਾਂ ਦੀ ਸਫ਼ਲਤਾ ਲਈ ਆਪਸ ਵਿੱਚ ਪੂਰਨ ਤਾਲਮੇਲ ਰੱਖਣ ਅਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨਾਂ ਦੱਸਿਆ ਕਿ 29 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਇਸ ਖੇਡ ਮਹਾਂਕੁੰਭ ਦਾ ਉਦਘਾਟਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲਾ ਸੰਗਰੂਰ ਵਿਖੇ 1 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਵੇਗਾ ਜਿਸ ਤਹਿਤ 6 ਵੱਖ ਵੱਖ ਖੇਡਾਂ ਲਈ 30 ਅਗਸਤ ਤੱਕ ਰਜਿਸਟਰੇਸ਼ਨ ਕਰਵਾਉਣ ਵਾਲੇ ਖਿਡਾਰੀ ਹਿੱਸਾ ਲੈਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਖੇਡਾਂ ਲਈ ਸਮੂਹ ਸਬ ਡਵੀਜ਼ਨਾਂ ਵਿੱਚ ਨਿਰਧਾਰਿਤ ਕੀਤੇ ਗਏ ਸਥਾਨਾਂ ’ਤੇ ਖਿਡਾਰੀਆਂ ਦੀ ਸੁਵਿਧਾ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣ ਤਾਂ ਜੋ ਕਿਸੇ ਵੀ ਖਿਡਾਰੀ ਨੂੰ ਕੋਈ ਸਮੱਸਿਆ ਨਾ ਪੇਸ਼ ਆਵੇ।
ਉਨਾਂ ਨੇ ਖਿਡਾਰੀਆਂ ਲਈ ਰਿਫਰੈਸ਼ਮੈਂਟ, ਪੀਣ ਲਈ ਸਾਫ਼ ਪਾਣੀ ਦੀ ਉਪਲਬਧਤਾ, ਖੇਡ ਮੈਦਾਨਾਂ ਦੀ ਨਿਰੰਤਰ ਸਫਾਈ, ਪਖਾਨਿਆਂ ਦੀ ਸੁਵਿਧਾ ਆਦਿ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵਿਅਕਤੀਗਤ ਤੇ ਟੀਮ ਪੱਧਰ ਦੇ ਖੇਡ ਮੁਕਾਬਲਿਆਂ ਲਈ ਸਾਰਾ ਸ਼ਡਿਊਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਕਾਰਜਸਾਧਕ ਅਫ਼ਸਰ ਵੀ ਹਾਜ਼ਰ ਸਨ।