ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਖਿਡਾਰੀਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੀ ਖੇਡਾਂ ‘ਚ ਹਿੱਸਾ ਲੈਣ ਲਈ ਪ੍ਰੇਰਤ ਕਰਨ ਸਬੰਧੀ ਸੈਮੀਨਾਰ
ਪਟਿਆਲਾ, 27 ਅਗਸਤ (ਬੀ.ਪੀ. ਸੂਲਰ)
ਖੇਡਾਂ ਵਤਨ ਪੰਜਾਬ ਦੀਆਂ ਲਈ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ‘ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਤਨ ਪੰਜਾਬ ਦੀਆਂ ਲਈ ਪਟਿਆਲਾ ਜ਼ਿਲ੍ਹੇ ‘ਚ ਹੁਣ ਤੱਕ 4600 ਤੋਂ ਵਧੇਰੇ ਖਿਡਾਰੀਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਵਾਲੀਆਂ ਇਨ੍ਹਾਂ ਖੇਡਾਂ ‘ਚ ਬਲਾਕ ਤੋਂ ਸੂਬਾ ਪੱਧਰ ਤੱਕ ਦੇ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ 30 ਅਗਸਤ ਤੱਕ ਆਨਲਾਈਨ ਪੋਰਟਲ https://www.punjabkhedmela2022.in/ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾਉਣ ਤੋਂ ਇਲਾਵਾ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਦੇ ਦਫ਼ਤਰ ‘ਚ ਜਾ ਕੇ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਅਤੇ ਖੇਡ ਵਿਭਾਗ ਪਟਿਆਲਾ ਦੀ ਸਮੁੱਚੀ ਟੀਮ ਵੱਲੋਂ 31 ਅਗਸਤ ਤੋਂ 7 ਸਤੰਬਰ ਤੱਕ ਪਟਿਆਲਾ ਜ਼ਿਲ੍ਹੇ ‘ਚ ਬਲਾਕ ਪੱਧਰ ‘ਤੇ ਅਥਲੈਕਿਟਸ, ਫੁੱਟਬਾਲ, ਖੋ-ਖੋ, ਕਬੱਡੀ, ਰੱਸਾਕਸੀ ਅਤੇ ਵਾਲੀਬਾਲ ਦੇ ਮੁਕਾਬਲਿਆਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਨ੍ਹਾਂ ਮਾਣਮੱਤੀਆਂ ਖੇਡਾਂ ‘ਚ ਹਿੱਸਾ ਲੈਣ ਲਈ ਪ੍ਰੇਰਤ ਕਰਨ ਵਾਸਤੇ ਸੈਮੀਨਾਰ ਕੀਤੇ ਜਾ ਰਹੇ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਬਲਾਕ ਦੀਆਂ ਖੇਡਾਂ ਪੋਲੋ ਗਰਾਂਊਂਡ ਵਿਖੇ, ਨਾਭਾ ਦੀਆਂ ਰਿਪੁਦਮਨ ਕਾਲਜ, ਪਾਤੜਾਂ ਦੀਆਂ ਖੇਡ ਸਟੇਡੀਅਮ ਘੱਗਾ, ਸ਼ੰਭੂ ਦੀਆਂ ਕਪੂਰੀ ਸਕੂਲ ਵਿਖੇ, ਭੁਨਰਹੇੜੀ ਬਲਾਕ ਦੀਆਂ ਖੇਡਾਂ ਸ਼ਹੀਦ ਊਧਮ ਸਿੰਘ ਸਟੇਡੀਅਮ ਭੁਨਰਹੇੜੀ ਅਤੇ ਨਵੋਦਿਆ ਵਿਦਿਆਲਿਆ ਫ਼ਤਹਿਪੁਰ ਰਾਜਪੂਤਾਂ ਵਿਖੇ ਕਰਵਾਈਆਂ ਜਾਣਗੀਆਂ।
ਇਸ ਤੋਂ ਬਿਨ੍ਹਾਂ ਸਮਾਣਾ ਬਲਾਕ ਦੀਆਂ ਪਬਲਿਕ ਕਾਲਜ ਤੇ ਬੁੱਢਾ ਦਲ ਪਬਲਿਕ ਸਕੂਲ ਸਮਾਣਾ ਵਿਖੇ, ਪਟਿਆਲਾ ਦਿਹਾਤੀ ਦੀਆਂ ਫ਼ਿਜੀਕਲ ਕਾਲਜ, ਰਾਜਪੁਰਾ ਦੀਆਂ ਨੀਲਪੁਰ ਸਟੇਡੀਅਮ, ਘਨੌਰ ਦੀਆਂ ਲਾਛੜੂ ਵਿਖੇ ਅਤੇ ਸਨੌਰ ਦੀਆਂ ਸ਼ਹੀਦ ਊਧਮ ਸਿੰਘ ਸਟੇਡੀਅਮ ਸਨੌਰ ਵਿਖੇ ਖੇਡਾਂ ਕਰਵਾਈਆਂ ਜਾਣਗੀਆਂ।