459 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਰਫੇਸ ਵਾਟਰ ਸਪਲਾਈ ਪ੍ਰੋਜ਼ੈਕਟ ਦਾ ਭੂਮੀ ਪੂਜਣ ਨਾਲ ਨਿਰਮਾਣ ਸ਼ੁਰੂ
ਫਾਜਿਲ਼ਕਾ, 28 ਅਗਸਤ (ਪੀ.ਟੀ.ਨੈਟਵਰਕ)
ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਸੁਥਰਾ ਨਹਿਰੀ ਪਾਣੀ ਉਪਲੱਬਧ ਕਰਵਾਉਣ ਲਈ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿੱਚ ਲਾਏ ਜਾ ਰਹੇ ਲਾਰਜ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਭੂਮੀ ਪੂਜਨ ਨਾਲ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਮੁੱਖ ਮਹਿਮਾਨ ਵਜੋਂ ਪੁੱਜੇ।
ਇਸ ਦੌਰਾਨ ਉਨਾਂ ਨੇ ਭੂਮੀ ਪੂਜਨ ਵਿੱਚ ਭਾਗ ਲਿਆ।ਇਸ ਮੌਕੇ ਤੇ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅੰਮ੍ਰਿਤਦੀਪ ਸਿੰਘ ਭੱਠਲ ਤੇ ਐਸਡੀਓ ਰਤਨ ਜੋਤ ਸਿੰਘ ਢਿੱਲੋਂ ਵੱਲੋਂ ਉਨਾਂ ਦਾ ਜਿੱਥੇ ਸਵਾਗਤ ਕੀਤਾ ਗਿਆ। ਉਥੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਮੌਕੇ ਜੋ ਗਾਰੰਟੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹ ਗਾਰੰਟੀਆਂ ਵਿਚੋਂ ਦੋ ਗਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ।ਚੋਣਾਂ ਮੌਕੇ ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਉਪਲੱਬਧ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਅੱਜ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਵੱਡੇ ਪ੍ਰੋਜੈਕਟ ਨਾਲ ਅਬੋਹਰ,ਬਲੂਆਣਾ ਤੇ ਫਾਜ਼ਿਲਕਾ ਦੇ 122 ਪਿੰਡਾਂ ਅਤੇ 15 ਢਾਣੀਆਂ ਦੇ ਲੋਕਾਂ ਨੂੰ ਘਰ ਘਰ ਤਕ ਸਾਫ਼ ਸੁਥਰਾ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਧੰਨਵਾਦੀ ਵੀ ਹਨ। ਵਿਧਾਇਕ ਨੇ ਕਿਹਾ ਕਿ ਪਹਿਲਾਂ ਲੋਕਾਂ ਦੀ ਆਮ ਤੌਰ ਤੇ ਪੀਣ ਵਾਲੇ ਪਾਣੀ ਦੀ ਸ਼ਿਕਾਇਤ ਰਹਿੰਦੀ ਸੀ ਪਰ ਹੁਣ ਬੱਲੂਆਣਾ ਹਲਕੇ ਦੇ ਸਾਰੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।