ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ: ਅਮਨ ਅਰੋੜਾ
ਸੰਗਰੂਰ 28 ਅਗਸਤ (ਹਰਪ੍ਰੀਤ ਕੌਰ ਬਬਲੀ)
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਰੈਸਟ ਹਾਊਸ ਸੁਨਾਮ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਲਕਾ ਸੁਨਾਮ ਦੇ ਪੇਂਡੂ ਖੇਤਰਾਂ ਦੇ ਬਹੁ-ਪੱਖੀ ਵਿਕਾਸ ਲਈ ਤਰਜੀਹੀ ਆਧਾਰ ਉੱਤੇ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਦੇ ਵਿਸਥਾਰਿਤ ਵਿਕਾਸ ਕਾਰਜਾਂ ਦੀ ਰੂਪਰੇਖਾ ਉਲੀਕਦਿਆਂ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਅਤੇ ਲੋੜਵੰਦ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਜਾਰੀ ਫੰਡਾਂ, ਮਗਨਰੇਗਾ ਫੰਡਾਂ ਅਤੇ ਮੰਡੀ ਬੋਰਡ ਦੀਆਂ ਗ੍ਰਾਂਟਾਂ ਆਦਿ ਨੂੰ ਪਾਰਦਰਸ਼ਤਾ ਨਾਲ ਲਗਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ। ਉਹਨਾਂ ਨੇ ਪਿੰਡਾਂ ਦੀਆਂ ਮੰਡੀਆਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਜਿਵੇਂ ਫੜ੍ਹ ਪੱਕੇ ਕਰਨੇ, ਲਾਈਟਾਂ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਨੂੰ ਜਲਦ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਦੀ ਵਧੇਰੇ ਵਰਤੋਂ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਕਾਰੀ ਖੇਤਾਂ ਤੱਕ ਢੁੱਕਵੇਂ ਤਰੀਕੇ ਨਾਲ ਨਹਿਰੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਸੇਸ਼ ਤੌਰ ‘ਤੇ ਕੰਮ ਕਰਨ।