ਮੈਂਬਰ ਲੋਕ ਸਭਾ ਵੱਲੋਂ ਜ਼ਿਲਾ ਸੰਗਰੂਰ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, 31 ਅਗਸਤ (ਹਰਪ੍ਰੀਤ ਕੌਰ ਬਬਲੀ)
ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਸ. ਸਿਮਰਨਜੀਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸੰਗਰੂਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ।
ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੰੂ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਜਿਸ ਤਹਿਤ ਸ. ਮਾਨ ਨੇ ਪੀ.ਡਬਲਿਊ.ਡੀ, ਸੈਂਟਰਲ ਵਰਕਸ ਡਵੀਜ਼ਨ ਸੰਗਰੂਰ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।