ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਾਏ 2.5 ਲੱਖ ਬੂਟੇ: ਡਿਪਟੀ ਕਮਿਸ਼ਨਰ
ਸੰਗਰੂਰ, 31 ਅਗਸਤ (ਹਰਪ੍ਰੀਤ ਕੌਰ ਬਬਲੀ)
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਨਾਲ-ਨਾਲ ਹਰਿਆ-ਭਰਿਆ ਬਣਾਉਣ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ‘ਚ ਇਸ ਸਾਲ ਲੱਖਾਂ ਦੀ ਗਿਣਤੀ ‘ਚ ਬੂਟੇ ਲਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 2 ਲੱਖ 50 ਹਜ਼ਾਰ ਬੂਟੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਰਵਾਇਤੀ ਬੂਟੇ ਲਾਉਣ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਇਸੇ ਲਈ ਪੂਰੇ ਸੰਗਰੂਰ ਜ਼ਿਲ੍ਹੇ ‘ਚ 575 ਤ੍ਰਿਵੈਣੀਆਂ ਲਾਈਆਂ ਗਈਆਂ ਹਨ ਜਿਨ੍ਹਾਂ ‘ਚ ਨਿੰਮ,ਪਿੱਪਲ ਅਤੇ ਬੋਹੜ ਦੇ ਬੂਟੇ ਲਾਏ ਗਏ ਹਨ।
ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲੋੜ ਨੂੰ ਸੰਜੀਦਗੀ ਨਾਲ ਮਹਿਸੂਸ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਖਾਲੀ ਪਈਆਂ ਥਾਂਵਾਂ ‘ਤੇ ਬੂਟੇ ਲਾਉਣ ਦੇ ਨਾਲ-ਨਾਲ ਸੰਘਣੇ ਵਣ ਵੀ ਵਿਕਸਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ ਬੂਟੇ ਲਾਉਣ ‘ਤੇ ਹੀ ਜ਼ੋਰ ਨਹੀਂ ਦਿੱਤਾ ਗਿਆ ਸਗੋਂ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸੰਭਾਲ ਲਈ ਵਣ ਮਿੱਤਰ ਤੈਨਾਤ ਕੀਤੇ ਗਏ ਹਨ ਜੋ ਸਮੇਂ ਸਿਰ ਪਾਣੀ ਪਾਉਣ ਦੇ ਨਾਲ-ਨਾਲ ਗੋਡ-ਗੁਡਾਈ ਦਾ ਵੀ ਖ਼ਾਸ ਧਿਆਨ ਰੱਖਦੇ ਹਨ।
ਸ਼੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗਲਾਤ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਹੋਰਨਾਂ ਵਿਭਾਗਾਂ ਦੀ ਵੀ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਉਣ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮੂਹ ਬੀ.ਪੀ.ਓਜ਼, ਸਰਕਾਰੀ ਸਕੂਲਾਂ, ਪੰਚਾਇਤਾਂ ਅਤੇ ਕਿਸਾਨਾਂ ਨੂੰ ਬੂਟੇ ਮੁਫ਼ਤ ਵੰਡੇ ਗਏ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਜੰਗਲਾਂ ਹੇਠ ਰਕਬੇ ਵਿੱਚ ਵਾਧਾ ਹੋ ਸਕੇ।