ਸਰਕਾਰੀ ਸਕੂਲਾਂ ‘ਚ ਇੰਸਪਾਇਰ ਮੀਟ ਵਜੋਂ ਉਲੀਕੀ ਗਈ ਅਧਿਆਪਕ-ਮਾਪਿਆਂ ਦੀ ਮਿਲਣੀ
ਬਰਨਾਲਾ, 3 ਸਤੰਬਰ (ਸੋਨੀ ਪਨੇਸਰ)
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਹਨਾਂ ਦੇ ਵਿਕਾਸ ਬਾਰੇ ਜਾਣੂ ਕਰਵਾਉਣ ਲਈ ਅੱਜ ਟੀਚਰ – ਮਾਪਿਆਂ ਦੀ ਮਿਲਣੀ ‘ਇਨਸਪਾਇਰ ਮੀਟ’ ਸਾਰੇ ਸਰਕਾਰੀ ਸਕੂਲਾਂ ‘ਚ ਕੀਤੀ ਗਈ।
ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਨੂੰ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਕੂਲ ਸੌਂਪੇ ਗਏ। ਇਨ੍ਹਾਂ ਅਧਿਕਾਰੀਆਂ ਨੇ ਸਕੂਲਾਂ ਵਿੱਚ ਅਧਿਆਪਕਾਂ ਨਾਲ ਰਲ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਬਾਰੇ ਦੱਸਿਆ।
ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਕੂਲਾਂ ਵਿਚ ਉਹਨਾਂ ਸਮੇਤ ਵੱਖ ਵੱਖ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਠੀਕਰੀਵਾਲ ਅਤੇ ਲੜਕੀਆਂ ਠੀਕਰੀਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿੱਥੇ ਪ੍ਰਿੰਸੀਪਲ, ਅਧਿਆਪਕਾਂ ਨਾਲ ਮੁਲਾਕਾਤ ਕਰਕੇ ਸਹੂਲਤਾਂ ਦਾ ਜਾਇਜ਼ਾ ਲਿਆ, ਉੱਥੇ ਸਕੂਲੀ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਾਈ ਜਾਵੇ।