ਐਸ ਡੀ ਐਮ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ, ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਦੀ ਮੰਗੀ ਜਾਣਕਾਰੀ
ਫਤਹਿਗੜ੍ਹ ਸਾਹਿਬ, 08 ਸਤੰਬਰ (ਪੀ.ਟੀ.ਨੈਟਵਰਕ)
ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਹਸਪਤਾਲ ਵਿੱਚ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐਸ ਡੀ ਐਮ ਨੇ ਲੇਬਰ ਰੂਮ, ਓਪਰੇਸ਼ਨ ਥੀਏਟਰ, ਐਕਸਰੇ ਮਸ਼ੀਨਾਂ ਸਮੇਤ ਹੋਰ ਉਪਰਕਰਣਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਓ ਪੀ ਡੀ ਲਈ ਆਉਣ ਵਾਲੇ ਮਰੀਜਾਂ ਅਤੇ ਹਸਪਤਾਲ ਵਿੱਚ ਖਾਲੀ ਪਈਆਂ ਡਾਕਟਰਾਂ ਦੀਆਂ ਅਸਾਮੀਆਂ ਬਾਰੇ ਵੀ ਸੂਚਨਾਂ ਮੰਗੀ।
ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਐਸ ਡੀ ਐਮ ਨੇ ਹਦਾਇਤ ਕੀਤੀ ਕਿ ਇਲਾਜ ਲਈ ਆਉਣ ਵਾਲੇ ਮਰੀਜਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਦੋਸਤਾਨਾ ਵਿਹਾਰ ਰੱਖਿਆ ਜਾਵੇ ਅਤੇ ਮਰੀਜਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਦਵਾਈਆਂ ਦੇਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਜੋ ਸਿਹਤ ਵਿਭਾਗ ਰਾਹੀਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੂੰ ਇੰਨ ਬਿੰਨ ਰੂਪ ਵਿੱਚ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਲਾਜ ਲਈ ਇੱਧਰ ਓਧਰ ਭਟਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਮ ਤੌਰ ਤੇ ਗਰੀਬ ਤੇ ਮੱਧ ਵਰਗ ਦੇ ਲੋਕ ਇਲਾਜ ਲਈ ਆਉਂਦੇ ਹਨ. ਜਿਨ੍ਹਾਂ ਦਾ ਧਿਆਨ ਰੱਖਣਾ ਡਾਕਟਰਾਂ ਦਾ ਫਰਜ ਬਣਦਾ ਹੈ ।
ਐਸ ਡੀ ਐਮ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਆਮ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵਾਸ ਵਧਿਆ ਹੈ ਇਸਨੂੰ ਇਸੇ ਤਰਾਂ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਹਸਪਤਾਲਾਂ ਦੇ ਸਟਾਕ ਵਿੱਚ ਪਈਆਂ ਦਵਾਈਆਂ ਬਾਰੇ ਵੀ ਰਿਪੋਰਟ ਮੰਗੀ ਅਤੇ ਕਿਹਾ ਵੱਧ ਤੋਂ ਵੱਧ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਮਰੀਜਾਂ ਨੂੰ ਇਹੀ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋਂ ਉਨ੍ਹਾਂ ਤੇ ਬੇਲੋੜਾ ਆਰਥਿਕ ਬੋਝ ਨਾ ਪਵੇ।