ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਵਿਆਪਕ ਉਪਰਾਲੇ ਸ਼ੁਰੂ-ਡਿਪਟੀ ਕਮਿਸ਼ਨਰ
ਫਾਜਿ਼ਲਕਾ, 22 ਸਤੰਬਰ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡ ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤ ਵਿਚ ਹੀ ਮਿਲਾ ਦੇਣ ਜਾਂ ਬਾਇਓਮਾਸ ਪਲਾਂਟਾਂ ਨੂੰ ਭੇਜਣ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨਾਂ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਇਸ ਨਾਲ ਵਾਤਾਵਰਨ ਤੇ ਇਸਦੇ ਮਾੜੇ ਪ੍ਰਭਾਵ ਵੀ ਪੈਂਦੇ ਹਨ। ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਵੱਲੋਂ ਜ਼ੇਕਰ ਪਰਾਲੀ ਸਾੜੀ ਜਾਂਦੀ ਹੈ ਤਾਂ ਅਜਿਹੇ ਕਰਮਚਾਰੀਆਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਅੱਗ ਲਗਾਉਣ ਵਾਲੇ ਨੰਬਰਦਾਰਾਂ ਸਬੰਧੀ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਬਿਨ੍ਹਾਂ ਸੁਪਰ ਐਸਐਮਐਸ ਤੋਂ ਕੰਬਾਇਨਾਂ ਨਾਲ ਕਟਾਈ ਕਰਨ ਤੇ ਰੋਕ ਰਹੇਗੀ। ਉਨ੍ਹਾਂ ਨੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ।
ਬੈਠਕ ਵਿਚ ਮੁੱਖ ਖੇਤੀਬਾੜੀ ਅਫ਼ਸਰ ਤੋਂ ਇਲਾਵਾ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੁਖਪਾਲ ਸਿੰਘ ਵੀ ਹਾਜਰ ਸਨ।