ਪੁਲਿਸ ਅੱਤਿਆਚਾਰ ਦੇ ਖਿਲਾਫ ,ਭਲ੍ਹਕੇ ਬਰਨਾਲਾ ‘ਚ ਹੋਊ ਦਹਿਸ਼ਤ ਤੋੜੋ ਰੈਲੀ
ਹਰਿੰਦਰ ਨਿੱਕਾ ,ਬਰਨਾਲਾ 24 ਸਤੰਬਰ 2022
ਹਰ ਮਿੱਟੀ ਦੀ ਆਪਣੀ ਖਸਲਤ ,
ਹਰ ਮਿੱਟੀ ਕੁੱਟਿਆਂ ਨਹੀਂ ਭੁਰਦੀ ,
ਹਰ ਫੱਟੜ ਮੱਥਾ ਨਹੀਂ ਝੁਕਦਾ ,
ਬੰਨ੍ਹ ਲਾਇਆਂ ਹਰ ਛੱਲ ਨਹੀਂ ਰੁਕਦੀ,
ਇਨਕਲਾਬੀ ਸ਼ਾਇਰ ਹਰਭਜਨ ਸੋਹੀ ਦੀ ਕਵਿਤਾ ਦੀਆਂ ਇਨ੍ਹਾਂ ਸਤਰਾਂ ,ਨੂੰ ਹਕੀਕਤ ਸਾਬਿਤ ਕਰਦਿਆਂ ਭਲ੍ਹਕੇ ਇੱਕ ਵਾਰ ਫਿਰ ,ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ ਨੇੜੇ ,1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਦਹਾੜਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਕਨਵੀਨਰ ਡਾਕਟਰ ਸੋਹੇਲ,ਕਰਮਜੀਤ ਸਿੰਘ ਤੇ ਜਗਮੀਤ ਸਿੰਘ ਨੇ ਦੱਸਿਆ ਕਿ
ਲੰਘੀ 19 ਸਤੰਬਰ ਨੂੰ ਬਰਨਾਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਉੱਤੇ ਹੋਏ ਬਰਬਰ ਲਾਠੀਚਾਰਜ, ਮਹਿਲਾਵਾਂ ਨਾਲ਼ ਬਦਸਲੂਕੀ, ਗੈਰ ਕਾਨੂੰਨੀ ਢੰਗ ਨਾਲ਼ ਰਾਤ 12 ਵਜੇ ਤੱਕ ਥਾਣਿਆਂ ਵਿੱਚ ਬੰਦ ਰੱਖਣ ਦੇ ਖਿਲਾਫ਼ ,25 ਸਤੰਬਰ ਨੂੰ ਸਵੇਰੇ 10 ਵਜੇ ਬਰਨਾਲਾ ਦੇ ਕਚਿਹਰੀ ਚੌਂਕ ਵਿੱਚ ਦਹਿਸ਼ਤ ਤੋੜੋ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਹਿਸ਼ਤ ਤੋੜੇ ਰੈਲੀ ਨੂੰ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਦਾ ਵੀ ਸਹਿਯੋਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਹਿਯੋਗੀ ਵਿਦਿਆਰਥੀ ਜਥੇਬੰਦੀਆਂ ਵਿੱਚ ,ਪੰਜਾਬ ਸਟੂਡੈਂਟਸ ਯੂਨੀਅਨ ,ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) , ਪੰਜਾਬ ਸਟੂਡੈਂਟਸ ਯੂਨੀਅਨ (ਰੰਧਾਵਾ) ,ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ,ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ , ਡੈਮੋਕ੍ਰੇਟਿਕ ਸਟੂਡੈਂਟ ਆਰਗੇਨਾਈਜੇਸ਼ਨ ,ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਪ੍ਰਮੁੱਖ ਤੌਰ ਤੇ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਦਹਿਸ਼ਤ ਤੋੜੋ ਰੈਲੀ, ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਭਰਮ ਤੋੜੇਗੀ ਕਿ ਡੰਡੇ ਦੇ ਜ਼ੋਰ ਤੇ ਹੱਕਾਂ ਲਈ ਜੂਝਦੇ ਲੋਕਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।