ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ
ਸੰਗਰੂਰ, 25 ਸਤੰਬਰ (ਹਰਪ੍ਰੀਤ ਕੌਰ ਬਬਲੀ)
ਪਿਛਲੇ ਦੋ ਦਿਨਾਂ ਤੋਂ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਪੈ ਰਹੀ ਭਾਰੀ ਬਾਰਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿਚ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲੇ ਘੱਗਰ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਟੇਟ ਹੜ੍ਹ ਕੰਟਰੋਲ ਰੂਮ ਨਾਲ ਨਿਰੰਤਰ ਰਾਬਤਾ ਰੱਖਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਐਸਡੀਓ ਡ੍ਰੇਨੇਜ ਵੱਲੋਂ ਘੱਗਰ ਦਰਿਆ ਨੇੜਲੇ ਵੱਖ ਵੱਖ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਮੂਨਕ ਵਿਖੇ ਜ਼ਿਲਾ ਪ੍ਰਸ਼ਾਸਨ ਵੱਲੋਂ ਐਨ ਡੀ ਆਰ ਐਫ ਅਤੇ ਪ੍ਰਸ਼ਾਸਨਿਕ ਵਿਭਾਗਾਂ ਦੇ ਤਾਲਮੇਲ ਨਾਲ ਮੌਕ ਡਰਿੱਲ ਕਰਵਾਈ ਗਈ ਸੀ ਤਾਂ ਜੋ
ਘੱਗਰ ਦਰਿਆ ਦੀ ਮਾਰ ਹੇਠ ਆਉਣ ਵਾਲੇ ਜ਼ਿਲਾ ਸੰਗਰੂਰ ਦੇ ਇਲਾਕਿਆਂ ’ਚ ਸੰਭਾਵੀ ਹੜ੍ਹਾਂ ਦਾ ਪ੍ਰਭਾਵ ਘੱਟ ਤੋਂ ਘੱਟ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਉਪ ਮੰਡਲ ਮੈਜਿਸਟੇਰਟ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀਆਂ ਸਬ ਡਵੀਜ਼ਨਾਂ ਵਿੱਚ ਆਉਂਦੇ ਦਰਿਆ, ਬਰਸਾਤੀ ਨਾਲਿਆਂ, ਰਜਬਾਹਿਆਂ ਆਦਿ ’ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਤੁਰੰਤ ਜਾਣੂ ਕਰਵਾਇਆ ਜਾਵੇ ਤਾਂ ਜੋ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।