ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ ‘ਤੇ ਜ਼ੋਰ
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦੀ ਸਮੀਖਿਆ
ਅਨੁਭਵ ਦੂਬੇ , ਚੰਡੀਗੜ੍ਹ, 1 ਅਕਤੂਬਰ 2022
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ ‘ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਪੂਰਵਕ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਢੁਕਵੀਂ ਜਾਣਕਾਰੀ ਹੋਣ ਉਤੇ ਹੀ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਚੰਗੇ ਸਾਸ਼ਨ ਵਿੱਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋਂ ਉੱਭਰਿਆ ਹੈ ਅਤੇ ਇਸ ਦੀ ਵਰਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ । ਜਿਨ੍ਹਾਂ ਵਿੱਚ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਇਸ਼ਤਿਹਾਰ ਸ਼ਾਖਾ, ਕਲਿੱਪਿੰਗਜ਼, ਅਮਲਾ ਸ਼ਾਖਾ, ਆਰ.ਟੀ.ਆਈ., ਪ੍ਰੋਡਕਸ਼ਨ, ਸੌਂਗ ਐਂਡ ਡਰਾਮਾ ਆਦਿ ਸ਼ਾਮਲ ਹਨ। ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਵੀ ਪੋਸਟ ਕੀਤਾ ਜਾਵੇ ਤਾਂ ਜੋ ਇਨ੍ਹਾਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਉਪਲਬਧ ਹੋ ਸਕੇ। ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ-ਕਮ-ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਸੰਦੀਪ ਸਿੰਘ ਗਾੜ੍ਹਾ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਇਸ ਤੋਂ ਇਲਾਵਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦੀ ਸੋਸ਼ਲ ਮੀਡੀਆ ਕਵਰੇਜ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਸ੍ਰੀ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ ਅਤੇ ਡਿਪਟੀ ਡਾਇਰੈਕਟਰ ਸ੍ਰੀ ਮਨਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।