ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜ਼ਿਲਕਾ 2 ਅਕਤੂਬਰ (ਪੀਟੀ ਨਿਊਜ਼)
ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਨਵੰਬਰ 2022 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ ਤੇ ਹਰ ਕਿਸਮ ਦਾ ਅਸਲਾ ਲੈ ਕੇ ਜਾਣ ਤੇ ਪੂਰ ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਜ਼ਿਲਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ਦੇ ਰੋਕ ਲਗਾਈ ਗਈ ਹੈ।
ਇਕ ਹੋਰ ਹੁਕਮ ਰਾਹੀਂ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ।
ਇਕ ਹੋਰ ਹੁਕਮ ਰਾਹੀਂ ਫਾਜ਼ਿਲਕਾ ਵਿੱਚ ਪਾਕਿਸਤਾਨ ਦੇ ਨੇੜੇ ਲੱਗਦੇ ਅੰਤਰਰਾਸ਼ਟਰੀ ਸਰਹੱਦ ਐਨ. ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਲਾਧੂਕਾ ਤੇ ਫਾਜ਼ਿਲਕਾ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ/ਨਿਮਨ ਹਸਤਾਖਰ ਵੱਲੋਂ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।