ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ ਰੱਦ ਕਰਨ ਤੋਂ ਭਖੇ ਮਜ਼ਦੂਰ ਸਾੜਨਗੇ ਮੁੱਖ ਮੰਤਰੀ ਦੇ ਪੁਤਲੇ

Advertisement
Spread information

ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ ਰੱਦ ਕਰਨ ਤੋਂ ਭਖੇ ਮਜ਼ਦੂਰ ਸਾੜਨਗੇ ਮੁੱਖ ਮੰਤਰੀ ਦੇ ਪੁਤਲੇ

 

ਬਰਨਾਲਾ 4 ਅਕਤੂਬਰ (ਰਘੁਵੀਰ ਹੈੱਪੀ)

Advertisement

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ਼ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਮੀਟਿੰਗ ਬਦਲਵੀਂ ਤਰੀਕ ਦਿੱਤੇ ਬਿਨਾਂ ਰੱਦ ਕਰਨ ਤੋਂ ਰੋਹ ਵਿੱਚ ਆਈਆਂ ਮਜ਼ਦੂਰ ਜਥੇਬੰਦੀਆਂ ਵੱਲੋਂ 10,11ਤੇ12 ਅਕਤੂਬਰ ਨੂੰ ਪੰਜਾਬ ਭਰ ‘ਚ ਮੁੱਖ ਮੰਤਰੀ ਦੇ ਪੁਤਲੇ ਫੂਕਣ ਅਤੇ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਇੱਕ ਉਦਘਾਟਨੀ ਸਮਾਗਮ ‘ਚ ਮੁੱਖ ਮੰਤਰੀ ਦੀ ਆਮਦ ਮੌਕੇ ਸਖ਼ਤ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸਾਂਝੇ ਮਜ਼ਦੂਰ ਮੋਰਚੇ ਦੀ ਤਰਫੋਂ ਜਾਰੀ ਕੀਤੇ ਬਿਆਨ ਰਾਹੀਂ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਤਰਕਸ਼ੀਲ ਭਵਨ ‘ਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਗਿਆ ਜਿਸ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ , ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸ਼ਿੰਗਾਰਾ ਸਿੰਘ ਤੋਂ ਇਲਾਵਾ ਹਰਮੇਸ਼ ਮਾਲੜੀ, ਚਮਨ ਦਰਾਜਕੇ , ਕ੍ਰਿਸ਼ਨ ਚੌਹਾਨ, ਕਸ਼ਮੀਰ ਸਿੰਘ ਘੁੱਗਸੋ਼ਰ , ਧਰਮਵੀਰ ਸਿੰਘ ਹਰੀਗੜ੍ਹ ਤੇ ਲਛਮਣ ਸਿੰਘ ਸੇਵੇਵਾਲਾ ਵੀ ਮੌਜੂਦ ਸਨ। ਮੀਟਿੰਗ ਵਿੱਚ ਸ਼ਾਮਲ ਸਭਨਾਂ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ਼ ਤਹਿ ਕੀਤੀ ਮੀਟਿੰਗ ਰੱਦ ਕਰਨ ਨੂੰ ਉਹਨਾਂ ਦੀ ਮਜ਼ਦੂਰਾਂ ਪ੍ਰਤੀ ਵਿਤਕਰੇ ਭਰਪੂਰ ਨੀਤੀ ਦਾ ਸਿੱਟਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਵੱਲੋਂ ਜਲਦੀ ਮੁੜ ਮੀਟਿੰਗ ਦਾ ਸੱਦਾ ਨਾ ਦਿੱਤਾ ਗਿਆ ਤਾਂ 10 ਅਕਤੂਬਰ ਤੋਂ ਪੰਜਾਬ ਭਰ ‘ਚ ਮੁੱਖ ਮੰਤਰੀ ਦੇ ਪੁਤਲੇ ਸਾੜਨ ਤੋਂ ਇਲਾਵਾ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ‘ਚ ਮੁੱਖ ਮੰਤਰੀ ਦੀ ਆਮਦ ਮੌਕੇ ਸਖ਼ਤ ਵਿਰੋਧ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਦਿਹਾੜੀ ਰੇਟਾਂ ‘ਚ ਵਾਧਾ ਕਰਨ, ਰੁਜ਼ਗਾਰ ਦੀ ਗਰੰਟੀ ਕਰਨ, ਕਰਜ਼ਾ ਮੁਆਫ਼ੀ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਮਜ਼ਦੂਰਾਂ ਤੇ ਗਰੀਬ ਕਿਸਾਨਾਂ ‘ਚ ਕਰਨ , ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ, ਪੈਨਸ਼ਨ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਆਦਿ ਮੰਗਾਂ ਨੂੰ ਲੈਕੇ 12 ਤੋਂ 14 ਸਤੰਬਰ ਤੱਕ ਮੁੱਖ਼ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਦਿੱਤੇ ਤਿੰਨ ਰੋਜ਼ਾ ਧਰਨੇ ਸਮੇਂ ਮਜ਼ਦੂਰ ਜਥੇਬੰਦੀਆਂ ਨਾਲ਼ 3 ਅਕਤੂਬਰ ਦੀ ਮੀਟਿੰਗ ਰੱਖੀ ਗਈ ਸੀ ਜ਼ੋ ਬਦਲਵੀਂ ਤਰੀਕ ਦਿੱਤੇ ਬਿਨਾਂ ਹੀ ਰੱਦ ਕਰ ਦਿੱਤੀ ਗਈ ਹੈ।

ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਦੌਰਾਨ ਉੱਘੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਝੰਡਾ ਸਿੰਘ ਜੇਠੂਕੇ ਵੱਲੋਂ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਬਾਦਲਾਂ, ਬਰਾੜਾਂ ਤੇ ਜਾਖੜਾਂ ਵਰਗੇ ਜਗੀਰਦਾਰਾਂ ਦੀਆਂ ਵਾਧੂ ਜ਼ਮੀਨਾਂ ਦੀ ਨਿਆਈਂ ਵੰਡ ਕਰਨ ਦਾ ਮੁੱਦਾ ਉਠਾਉਣ ਸਦਕਾ ਸਿੱਧੂਪੁਰ ਜਥੇਬੰਦੀ ਦੇ ਆਗੂ ਨਿਰਮਲ ਸਿੰਘ ਜੱਸੇਆਣਾ ਵੱਲੋਂ ਇਹਨਾਂ ਕਿਸਾਨ ਆਗੂਆਂ ਦੇ ਪੇਡੂ ‘ਚ ਪਿੱਤਲ ਭਰਕੇ ਲਾਸ਼ ਵੀ ਚੁੱਕਣ ਯੋਗ ਵੀ ਨਾ ਛੱਡਣ ਦੇਣ ਦੀਆਂ ਧਮਕੀਆਂ ਦੇਣ ਅਤੇ ਕਈ ਹੋਰ ਧਰਮ ਨਿਰਪੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਉਪਰ ਨਕਸਲਬਾੜੀਏ, ਕਾਮਰੇਡ ਤੇ ਮਾਰਕਸਵਾਦੀ ਹੋਣ ਦਾ ਠੱਪਾ ਲਾਉਣ ਵਾਲੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਸਿੱਧੂਪੁਰ ਜਥੇਬੰਦੀ ਨੇ ਪਹਿਲਾਂ ਝਲੂਰ ਕਾਂਡ ਮੌਕੇ ਵੀ ਮਜ਼ਦੂਰਾਂ ਖਿਲਾਫ ਜਾਤਪਾਤੀ ਨਫ਼ਰਤ ਭੜਕਾਉਣ ਅਤੇ ਮਜ਼ਦੂਰਾਂ ਦਾ ਸਾਥ ਦੇਣ ਵਾਲੇ ਜੋਗਿੰਦਰ ਸਿੰਘ ਉਗਰਾਹਾਂ ਦੇ ਪੁਤਲੇ ਫੂਕ ਕੇ ਆਪਣੀ ਮਜ਼ਦੂਰ ਕਿਸਾਨ ਵਿਰੋਧੀ ਤੇ ਧਨਾਢਾਂ ਪੱਖੀ ਸੋਚ ਦਾ ਪ੍ਰਗਟਾਵਾ ਕੀਤਾ ਸੀ। ਮਜ਼ਦੂਰ ਆਗੂਆਂ ਨੇ ਸਿੱਧੂਪੁਰ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੋਂ ਇਸ ਬਿਆਨ ਪ੍ਰਤੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਵੀ ਕੀਤੀ।

ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਫਿਰਕੂ ਸਿਆਸਤਦਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਧਰਮ ਨਿਰਪੱਖ ਕਿਸਾਨ ਮਜ਼ਦੂਰ ਤੇ ਜਮਹੂਰੀ ਕਿਸਮ ਦੇ ਆਗੂਆਂ ਨੂੰ ਦੇਖ ਲੈਣ ਦੀ ਧਮਕੀ ਦੀ ਨਿਖੇਧੀ ਕਰਦਿਆਂ ਆਖਿਆ ਕਿ ਮਾਨ ਵਰਗੇ ਫਿਰਕਾਪ੍ਰਸਤ ਤੇ ਉਹਨਾਂ ਦੇ ਪੈਰੋਕਾਰ ਜਿੱਥੇ ਲੋਕਾਂ ਦੇ ਲਿਖਣ ਬੋਲਣ ਦੀ ਆਜ਼ਾਦੀ ਦੇ ਗਲ ਅੰਗੂਠਾ ਦੇ ਰਹੇ ਆ ਉਥੇ ਇਹ ਲੋਕਾਂ ‘ਚ ਵੰਡੀਆਂ ਪਾਉਣ ਰਾਹੀਂ ਲੋਕਾਂ ਦੇ ਹੱਕੀ ਸੰਘਰਸ਼ਾਂ ਦੇ ਜੜ੍ਹੀਂ ਤੇਲ ਦੇਣ ਤੋਂ ਇਲਾਵਾ ਪੰਜਾਬ ਅੰਦਰ ਭਾਜਪਾ ਤੇ ਆਰ ਐਸ ਐਸ ਦੇ ਪੈਰ ਲਵਾਉਣ ਦਾ ਵੀ ਕੰਮ ਕਰ ਰਹੇ ਹਨ। ਮਜ਼ਦੂਰ ਆਗੂਆਂ ਨੇ ਸਭਨਾਂ ਲੋਕਾਂ ਨੂੰ ਪੰਜਾਬ ‘ਚ ਮੁੜ ਤੋਂ ਫਿਰਕੂ ਵੰਡੀਆਂ ਪਾਉਣ ਦੀਆਂ ਚਾਲਾਂ ਤੋਂ ਸੁਚੇਤ ਰਹਿੰਦਿਆਂ ਭਾਈਚਾਰਕ ਸਾਂਝ ਮਜ਼ਬੂਤ ਕਰਕੇ ਜਮਾਤੀ ਸੰਘਰਸ਼ਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।

Advertisement
Advertisement
Advertisement
Advertisement
Advertisement
error: Content is protected !!