ਵਿਧਾਇਕ ਭੋਲਾ ਵੱਲੋਂ ਬਹਾਦੁਰਕੇ ਰੋਡ ਦਾਣਾ ਮੰਡੀ ਦਾ ਦੌਰਾ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ
ਲੁਧਿਆਣਾ, 08 ਅਕਤੂਬਰ (ਦਵਿੰਦਰ ਡੀ ਕੇ)
ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਨਾਲ, ਹੁਣ ਫ਼ਸਲ ਦੀ ਮੰਡੀਆਂ ਵਿੱਚ ਆਮਦ ਸ਼ੁਰੂ ਹੋ ਗਈ ਹੈ। ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਅੱਜ ਸਥਾਨਕ ਬਹਾਦੁਰਕੇ ਰੋਡ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਖਰੀਦ ਪ੍ਰਬੰਧਾਂ ਉੱਤੇ ਤਸੱਲੀ ਪ੍ਰਗਟਾਈ ਅਤੇ ਖਰੀਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਔਕੜ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾ\ ਫਸਲ ਲਿਆਉਣ ਤਾਂ ਜੋ ਉਨ੍ਹਾਂ ਦੀ ਜਿਣਸ ਦਾ ਭਾਅ ਲੱਗਣ ਲਈ ਇੰਤਜ਼ਾਰ ਨਾ ਕਰਨਾ ਪਵੇ।
ਵਿਧਾਇਕ ਭੋਲਾ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਸੁਆਲਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਨਾਲ ਸਬੰਧਤ ਬਾਰਦਾਨਾ, ਲਿਫਟਿੰਗ, ਸਾਫ-ਸਫਾਈ, ਪਖਾਨੇ, ਸਮੇਂ ਸਿਰ ਜਿਣਸ ਦੀ ਅਦਾਇਗੀ ਸਮੇਤ ਹਰ ਲੋੜੀਂਦੀਆਂ ਸਹੂਲਤਾ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਸਬੰਧਤ ਅਧਿਕਾਰੀਆਂ ‘ਤੇ ਵਰ੍ਹਦਿਆਂ ਕਿਹਾ ਕਿ ਅੰਨਦਾਤਾ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕੋਤਾਹੀ ਵਰਤਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ, ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਸ਼੍ਰੀਮਤੀ ਸ਼ਿਫਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਇੰਦਰਜੀਤ ਸਿੰਘ ਸਿੱਧੂ, ਸਹਾਇਕ ਜ਼ਿਲ੍ਹਾ ਮੰਡੀ ਅਫ਼ਸਰ ਸ. ਜਸਮੀਤ ਸਿੰਘ ਬਰਾੜ ਤੋ ਹੋਰ ਵੀ ਸੀਨੀਅਰ ਅਧਿਕਾਰੀ ਹਾਜ਼ਰ ਸਨ।