ਡਾਇਰੈਕਟਰ ਖੇਤੀਬਾੜੀ ਵੱਲੋਂ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਜ਼ਿਲ੍ਹਾ ਸੰਗਰੂਰ ਤੋਂ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ
ਸੰਗਰੂਰ, 9 ਅਕਤੂਬਰ (ਹਰਪ੍ਰੀਤ ਕੌਰ ਬਬਲੀ)
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਚਲਾਈ ਮੁਹਿੰਮ ਤਹਿਤ ਅੱਜ ਗੁਰਵਿੰਦਰ ਸਿੰਘ, ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਸੰਗਰੂਰ ਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡ ਪੱਧਰ ਉਤੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਕੇ ਅਤੇ ਉਨ੍ਹਾਂ ਦਾ ਸੁਚੱਜਾ ਹੱਲ ਕਰਨ ਹਿੱਤ ਪਿੰਡ ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਕਿਸਾਨਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਦੇ ਸਾਰਥਕ ਨਤੀਜੇ ਨਿਕਲ ਸਕਣ। ਡਾਇਰੈਕਟਰ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡ ਤੂਰੀ, ਨਕਟੇ, ਬਲਾਕ ਸੰਗਰੂਰ ਦੇ ਪਿੰਡ ਘਾਬਦਾਂ, ਭਿੰਡਰਾਂ ਅਤੇ ਬਲਾਕ ਸੁਨਾਮ ਦੇ ਪਿੰਡ ਸਤੋਜ਼ ਵਿਖੇ ਕਿਸਾਨਾਂ ਨਾਲ ਨਿੱਜੀ ਤੌਰ ‘ਤੇ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਸਾਨਾਂ ਨਾਲ ਨਿੱਜੀ ਪੱਧਰ ਤੇ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਆਉਦੀਆਂ ਸਮੱਸਿਆਵਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਵਿਚਾਰਿਆ ਅਤੇ ਵਿਭਾਗ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਉਤੇ ਪ੍ਰਤੀ ਬਲਾਕ 2 ਤੋਂ 3 ਸੁਪਰ ਸੀਡਰ ਖਰੀਦੇ ਜਾ ਰਹੇ ਹਨ, ਇਨ੍ਹਾਂ ਸੁਪਰ ਸੀਡਰਾਂ ਨੂੰ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਕਿਰਾਏ ਦੇ ਦਿੱਤਾ ਜਾਵੇਗਾ ਤਾਂ ਜੋ ਛੋਟੇ ਅਤੇ ਸੀਮਾਂਤ ਕਿਸਾਨ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਸਕਣ ਅਤੇ ਉਨ੍ਹਾਂ ਦੀ ਬਿਜਾਈ ਲਾਗਤ ਵੀ ਘਟ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੋ ਕਿਸਾਨ ਜਾਂ ਕਿਸਾਨ ਗਰੁੱਪ ਰੇਕਰ ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਦੇ ਹਨ, ਵਿਭਾਗ ਵੱਲੋਂ ਉਨ੍ਹਾਂ ਨਾਲ ਵੀ ਤਾਲਮੇਲ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਆਪਣੀ ਵਡਮੁੱਲਾ ਯੋਗਦਾਨ ਜਰੂਰ ਪਾਉਣ ਤਾਂ ਜੋ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਡਾ: ਹਰਬੰਸ ਸਿੰਘ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨੂੰ 24 ਸੁਪਰ ਸੀਡਰ ਵਿਭਾਗ ਵੱਲੋਂ ਅਲਾਟ ਕੀਤੇ ਗਏ ਹਨ।ਇਨ੍ਹਾਂ ਸੁਪਰ ਸੀਡਰਾਂ ਦੀ ਖ਼ਰੀਦ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਜਲਦੀ ਹੀ ਇਨ੍ਹਾਂ ਮਸ਼ੀਨਾਂ ਨੂੰ ਬਲਾਕ ਪੱਧਰ ‘ਤੇ ਪਹੁੰਚਾ ਦਿੱਤਾ ਜਾਵੇਗਾ ਤਾਂ ਜੋ ਛੋਟੇ ਅਤੇ ਸੀਮਾਂਤ ਕਿਸਾਨ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਅਸਾਨੀ ਨਾਲ ਕਰ ਸਕਣ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਭਾਗ ਵੱਲੋਂ ਕਿਸਾਨਾਂ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਸਬੰਧੀ ਹਰ ਸੰਭਵ ਮਦਦ ਕੀਤੀ ਜਾਵੇਗੀ।