ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕਲਮ ਛੋੜ / ਕੰਪਿਊਟਰ ਬੰਦ ਦਾ ਸੱਦਾ, 10 ਤੋਂ 15 ਅਕਤੂਬਰ ਤੱਕ ਸਾਰੇ ਸਰਕਾਰੀ ਕੰਮ-ਕਾਜ ਰਹਿਣਗੇ ਠੱਪ
ਲੁਧਿਆਣਾ, 10 ਅਕਤੂਬਰ (ਦਵਿੰਦਰ ਡੀ ਕੇ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ 10 ਅਕਤੂਬਰ ਤੋਂ 15 ਅਕਤੂਬਰ, 2022 ਤੱਕ ਦਿੱਤੇ ਗਏ ਕਲਮ ਛੋੜ / ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੇ ਐਕਸ਼ਨ ਅਨੁਸਾਰ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪੋ-ਆਪਣੇ ਦਫਤਰਾਂ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ / ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ ਗਈ ਅਤੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਸਰਕਾਰ ਦਾ ਪਿੱਟ-ਸਿਆਪਾ ਕੀਤਾ।
ਇਸ ਦੌਰਾਨ ਸ਼੍ਰੀ ਸੰਜੀਵ ਕੁਮਾਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਮੁਲਾਜ਼ਮ ਵਿਰੋਧੀ ਨਜ਼ਰ ਆ ਰਹੀ ਹੈ। ਉਨ੍ਹਾ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਰਿਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਬਦਲਾਅ ਲਿਆਉਂਦਿਆਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਗਿਆ, ਪਰ ਇਹ ਸਰਕਾਰ ਵੀ ਪੂਰੀ ਤਰ੍ਹਾਂ ਫੇਲ ਸਾਬਿਤ ਹੁੰਦੀ ਨਜ਼ਰ ਆ ਰਹੀ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜਮਾਂ ਦੀ ਮੰਗਾਂ ਜਿਸ ਵਿਚ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਮੁਲਾਜਮਾਂ ਦੀ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਆਦਿ ਜਾਇਜ ਮੰਗਾਂ ਨੂੰ ਜਲਦ ਬਹਾਲ ਕੀਤਾ ਜਾਵੇਗਾ। ਪਰ ਇਸਦੇ ਉਲਟ ਮੌਜੂਦਾ ਸਰਕਾਰ ਵੱਲੋਂ ਵੱਲੋਂ ਮੁਲਾਜ਼ਮਾਂ ਨਾਲ ਟਾਲ-ਮਟੌਲ ਕਰਦਿਆਂ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ।
ਸ੍ਰੀ ਸੰਜੀਵ ਕੁਮਾਰ ਨੇ ਅੱਗੇ ਦੱਸਿਆ ਕਿ ਹਾਲੇ ਤੱਕ ਸਰਕਾਰ ਵੱਲੋਂ ਮੁਲਾਜਮਾਂ ਪੱਖੀ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਸਬੰਧ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲੜੀ ਵਾਰ 4 ਜੋਨਲ ਰੈਲੀਆਂ ਕਰਕੇ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੂਰੀ ਤਰਾਂ ਹੀ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਮੀਟਿੰਗ ਦਾ ਸੱਦਾ ਨਹੀਂ ਦਿੱਤਾ ਗਿਆ । ਇਸ ਲਈ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਸੂਬਾਈ ਜੱਥੇਬੰਦੀ ਵੱਲੋਂ 5 ਦਿਨ ਦੀ ਮੁਕੰਮਲ ਕੰਮ ਬੰਦ ਕਰਨ ਸਬੰਧੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।
ਸੀ.ਪੀ.ਐੱਫ. ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਦੀਪ ਭੰਬਕ ਅਤੇ ਪੀ.ਐਸ.ਐਮ.ਐਸ.ਯੂ. ਜਿਲ੍ਹਾ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਨੇ ਕਿਹਾ ਕਿ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਸਰਕਾਰ ਉਹਨਾਂ ਦੇ ਪੈਨਸ਼ਨ ਦੇ ਬੁਨਿਆਦੀ ਹੱਕ ਤੋਂ ਵਾਂਝਾ ਰੱਖ ਰਹੀ ਹੈ । ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਤਕਰੀਬਨ 80 ਪ੍ਰਤੀਸ਼ਤ ਵਿਧਾਇਕਾਂ ਵੱਲੋਂ ਪਿਛਲੀ ਸਰਕਾਰ ਦੌਰਾਨ ਹੀ ਆਪਣੇ ਅਰਧ ਸਰਕਾਰੀ ਪੱਤਰ ਲਿਖ ਕੇ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸੰਬੰਧੀ ਮੰਗ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਆਪਣੇ ਹੀ ਵਿਧਾਇਕਾਂ ਦੀ ਮੰਗ ਵੀ ਨਹੀਂ ਮੰਨ ਰਹੀ ਅਤੇ ਆਪਣੇ ਕੀਤੇ ਵਾਅਦੇ ਤੋਂ ਪਾਸਾ ਵੱਟਦੀ ਨਜ਼ਰ ਆ ਰਹੀ ਹੈ। ਸਰਕਾਰ ਵੱਲੋਂ ਰੱਖੇ ਗਏ ਪਹਿਲੇ ਬਜਟ ਇਜਲਾਸ ਵਿੱਚ ਪੁਰਾਣੀ ਪੈਨਸ਼ਨ ਯੋਜਨਾ ਉੱਤੇ ਬਹਿਸ ਕੀਤੀ ਜਾਣੀ ਵੀ ਜ਼ਰੂਰੀ ਨਹੀਂ ਸਮਝੀ ਗਈ ।
ਇਸ ਦੌਰਾਨ ਸ਼੍ਰੀ ਰਾਕੇਸ਼ ਕੁਮਾਰ ਸਿਹਤ ਵਿਭਾਗ ਨੇ ਗਰਜਵੀਂ ਆਵਾਜ਼ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸਮੁੱਚੇ ਮੁਲਾਜ਼ਮ ਵਰਗ ਵੱਲੋਂ ਸਰਕਾਰ ਖਿਲਾਫ ਤਕੜੇ ਰੋਸ ਐਕਸ਼ਨ ਕੀਤੇ ਜਾਣਗੇ ਅਤੇ ਸਰਕਾਰ ਦੀ ਝੂਠਪ੍ਰਸਤੀ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ।