ਪੰਜਾਬ ਵਿੱਚ ਬਾਹਰਲੇ ਰਾਜਾਂ ‘ਚੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

Advertisement
Spread information

ਕਿਹਾ, ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵਰਗ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ

ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਬਰਨਾਲਾ ਅਨਾਜ ਮੰਡੀ ਦਾ ਦੌਰਾ 


ਰਘਵੀਰ ਹੈਪੀ , ਬਰਨਾਲਾ , 11 ਅਕਤੂਬਰ 2022
 ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਵਿੱਚ ਬਾਹਰਲੇ ਰਾਜਾਂ ਤੋਂ  ਝੋਨਾ ਨਹੀਂ ਆਉਣਾ ਦਿੱਤਾ ਜਾਵੇਗਾ। ਇਹ ਯਕੀਨੀ ਬਣਾਉਣ ਲਈ ਅੰਤਰਰਾਜੀ ਬਾਰਡਰ ਸੀਲ ਕੀਤੇ ਗਏ ਹਨ।
 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਨਾਲ ਸਬੰਧਤ ਵਰਗ ਜਿਵੇਂ ਕਿ ਕਿਸਾਨ , ਲੇਬਰ, ਆਡ਼੍ਹਤੀ, ਸ਼ੈਲਰ ਮਾਲਕਾਂ ਆਦਿ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਉਣ ਦੇਣ ਲਈ ਵਚਨਬੱਧ ਹੈ। 
   ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਕੁੱਲ 11.50 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ‘ਚ ਪੁੱਜ ਚੁੱਕਾ ਹੈ, ਜਿਸ ਵਿੱਚੋਂ 11 ਲੱਖ ਟਨ ਖ਼ਰੀਦ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ 800 ਕਰੋੜ ਰੁਪਏ  ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ 11 ਜ਼ਿਲ੍ਹਿਆਂ ‘ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈ ਚੁੱਕੇ ਹਨ ਅਤੇ ਆਉਣ ਵਾਲੇ 2-4 ਦਿਨਾਂ ‘ਚ ਉਹ ਸਾਰੇ ਜ਼ਿਲ੍ਹਿਆਂ ‘ਚ ਪ੍ਰਬੰਧਾਂ ਦਾ ਨਿਰੀਖਣ ਕਰਨਗੇ।                         
ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ  ਕਿਹਾ ਕਿ ਸਰਕਾਰ ਵੱਲੋਂ 1.25 ਲੱਖ ਨਵੀਆਂ ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਪਰਾਲੀ ਦੀ ਸਾਂਭ ਕੀਤੀ ਜਾਵੇ।
 ਅੱਜ ਬਰਨਾਲਾ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੰਤਰੀ ਦੀ ਹਾਜ਼ਰੀ ਵਿਚ ਝੋਨੇ ਦੀ ਬੋਲੀ ਵੀ ਕਰਵਾਈ ਗਈ।                               
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੱਲ੍ਹ 10 ਅਕਤੂਬਰ ਤਕ ਕੁੱਲ  2513 ਮੀਟਰਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ਵਿੱਚ 2133 ਮੀਟਰਿਕ ਟਨ ਜਿਣਸ ਦੀ ਖਰੀਦ ਹੋਈ ਹੈ। ਇਸ ਵਿੱਚੋਂ  930 ਮੀਟਰਿਕ ਟਨ ਪਨਗ੍ਰੇਨ ਵੱਲੋਂ, 611 ਮੀਟ੍ਰਿਕ ਟਨ ਮਾਰਕਫੈੱਡ ਵੱਲੋਂ, 517 ਮੀਟਰਕ ਟਨ ਪਨਸਪ ਵੱਲੋਂ, 75 ਮੀਟਰਿਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ ਖ਼ਰੀਦੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਬਾਠ ਤੇ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!