ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਰੀਬ 13 ਸੌ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ : ਕਟਾਰੂਚੱਕ
ਫਤਹਿਗੜ੍ਹ ਸਾਹਿਬ, 11 ਅਕਤੂਬਰ (ਪੀਟੀ ਨਿਊਜ਼)
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਬਣੀ ਸਰਕਾਰ ਨੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕੁੱਝ ਹੀ ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾ ਕੇ ਨਵਾਂ ਇਤਿਹਾਸ ਰਚਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾਂ ਤੋਂ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।
ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਪੁੱਜੇ ਝੋਨੇ ਨੂੰ ਖਰੀਦ ਕੇ ਕਰੀਬ ਤੇਰਾਂ ਸੌ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ। ਇਸ ਦੇ ਨਾਲੋ ਨਾਲ ਲਿਫਟਿੰਗ ਵੀ ਨਿਰਵਿਘਨ ਜਾਰੀ ਹੈ ਤੇ ਇਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ।
ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਾ ਕੀਤੀ ਗਈ ਕਿਸਾਨਾਂ ਦੀ ਕਰੀਬ 03 ਹਜਾਰ ਕਰੋੜ ਦੀ ਗੰਨੇ ਦੀ ਬਕਾਇਆ ਅਦਾਇਗੀ ਕੀਤੀ ਗਈ ਹੈ ਅਤੇ ਇਸਤੋਂ ਇਲਾਵਾ ਕਿਸਾਨਾਂ ਦੀ ਮੰਗ ਤੋਂ ਬਿਨ੍ਹਾਂ ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਿਚ ਜਿਹੜਾ 20 ਰੁਪਏ ਦਾ ਵਾਧਾ ਕੀਤਾ ਗਿਆ ਹੈ, ਉਹ ਵੀ ਇਤਿਹਾਸਕ ਫੈਸਲਾ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਤੇ ਗੰਨੇ ਹੇਠ ਰਕਬਾ ਵਧੇਗਾ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ ਲਿਆ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਮੰਡੀਆਂ ਵਿੱਚ ਲੈਕੇ ਆਉਣ ਤੇ ਪਰਾਲੀ ਨੂੰ ਅੱਗ ਨਾ ਲਾਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਵਰਗ ਦੀ ਭਲਾਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੇ ਹਨ, ਪਿਛਲੇ ਛੇ ਮਹਿਨੀਆਂ ਦੌਰਾਨ ਇਤਿਹਾਸਕ ਫੈਸਲੇ ਲੈ ਕੇ ਕਰੀਬ 17 ਹਜਾਰ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆ ਦਿੱਤੀਆਂ ਗਈਆ ਹਨ ਅਤੇ ਜੋ 36 ਹਜਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਉਸਤੇ ਅਮਲ ਕਰਦੇ ਹੋਏ ਸਿੱਖਿਆ ਵਿਭਾਗ ਦੇ 8700 ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਨਿਯੁਕਤੀ ਪੱਤਰ ਸੌਪ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ 600 ਯੂਨੀਟ ਦੇਣ ਦਾ ਵਾਅਦਾ ਪੂਰਾ ਕੀਤਾ ਹੈ, ਇਸ ਨਾਲ ਕਰੀਬ 47 ਲੱਖ ਪਰਿਵਾਰਾਂ ਨੂੰ ਲਾਭ ਮਿਲਣਾ ਸੁਰੂ ਹੋ ਗਿਆ ਹੈ।