ਸੋਨੀ/ ਬਰਨਾਲਾ, 19 ਅਕਤੂਬਰ 2022
ਐੱਸ. ਡੀ. ਕਾਲਜ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਲੜਕਿਆਂ ਦੇ ਮੁਕਾਬਲਿਆਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਰਾਹੀਂ ਖੇਡ ਮੈਦਾਨਾਂ ’ਚ ਰੌਣਕਾਂ ਮੁੜ ਪਰਤ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਨਵੀਆਂ ਬੁਲੰਦੀਆਂ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ। ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਅਤੇ ਸਰਕਾਰ ਦੇ ਯਤਨਾਂ ਬਾਰੇ ਉਹਨਾਂ ਕਿਹਾ ਕਿ ਜੇਕਰ ਦੋਵੇਂ ਧਿਰਾਂ ਇਸ ਪ੍ਰਤੀ ਕੰਮ ਕਰਨ ਤਾਂ ਅਸੀਂ ਜਲਦ ਹੀ ਨਸ਼ੇ ਦੇ ਕੋਹੜ ਨੂੰ ਖ਼ਤਮ ਕਰ ਦਿਆਂਗੇ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਨਾਂ ਖੇਡਾਂ ਨਾਲ ਨੌਜਵਾਨ ਮੁੜ ਖੇਡ ਮੈਦਾਨਾਂ ਨਾਲ ਜੁੜ ਰਹੇ ਹਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਤੰਦਰੁਸਤੀ ਦੇ ਨਾਲ ਨਾਲ ਖੇਡਾਂ ਨੌਜਵਾਨ ਨੂੰ ਨਸ਼ਿਆਂ ਤੋਂ ਵੀ ਦੂਰ ਰੱਖਣ ਲਈ ਸਹਾਈ ਹਨ। ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ ਨੇ ਨੈੱਟਬਾਲ ਖੇਡ ਵਿਚ ਐੱਸ ਡੀ ਕਾਲਜ ਦੇ ਪਾਏ ਯੋਗਦਾਨ ਦਾ ਵਿਸਥਾਰਪੂਰਵਕ ਜ਼ਿਕਰ ਕੀਤਾ। ਐੱਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਰਵਾਇਤੀ ਸਾਜ਼ਾਂ ਨਾਲ ਫ਼ੋਕ ਆਰਕੈਸਟਰਾ ਅਤੇ ਭੰਗੜੇ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ।
ਇਸ ਮੌਕੇ ਐਡੀਸ਼ਨਲ ਐਡਵੋਕੇਟ ਜਨਰਲ ਸੁਮਨਜੀਤ ਸਿੰਘ ਵਾਲੀਆ, ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ, ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਮਲਿਕ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਪੀ.ਜੀ.ਓ. ਸੁਖਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ, ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਜੇ. ਐਨ. ਸ਼ਰਮਾ, ਵਿੱਤ ਸਕੱਤਰ ਡਾ. ਐੱਮ. ਐੱਲ. ਬਾਂਸਲ, ਜ਼ਿਲਾ ਖੇਡ ਅਫ਼ਸਰ ਜਸਪ੍ਰੀਤ ਸਿੰਘ, ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਕੋ-ਕਨਵੀਨਰ ਸਬ-ਇੰਸਪੈਕਟਰ ਅਵਤਾਰ ਸਿੰਘ ਆਦਿ ਹਾਜ਼ਰ ਸਨ।