ਅਨੁਭਵ ਦੂਬੇ ,ਚੰਡੀਗੜ੍ਹ 21 ਅਕਤੂਬ 2022
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਰਾਹੀਂ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਇਤਿਹਾਸਕ ਫੈਸਲਾ ਲੈਂਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਅਤੇ ਮਹਿੰਗਾਈ ਭੱਤੇ (ਡੀ.ਏ.) ਵਿੱਚ 6 ਫੀਸਦੀ ਵਾਧਾ ਕਰਕੇ ਇਤਿਹਾਸਕ ਫੈਸਲਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਇਸ ਦੀ ਬਹਾਲੀ ਲਈ ਮੁਲਾਜ਼ਮ ਵਰਗ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਿਹਾ ਸੀ ਪਰੰਤੂ ਪਿਛਲੇ 18 ਸਾਲਾਂ ਤੋਂ ਕਿਸੇ ਵੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਲੋਕ ਪੱਖੀ ਫੈਸਲੇ ਲਏ ਅਤੇ ਆਪਣੇ ਕਾਰਜਕਾਲ ਦੇ ਸੱਤ ਮਹੀਨੇ ਅੰਦਰ ਹੀ ਇਹ ਵੱਡਾ ਤੇ ਇਤਿਹਾਸਕ ਕਦਮ ਪੁੱਟਦਿਆਂ ਵੱਡੀਆਂ ਅੜਚਨਾਂ ਦੇ ਬਾਵਜੂਦ ਪੁਰਾਣੀ ਪੈਨਸ਼ਨ ਬਹਾਲ ਕਰਕੇ ਮੁਲਾਜ਼ਮਾਂ ਦੇ ਹੱਕ ਵਿੱਚ ਦੂਰਦਰਸ਼ੀ ਫੈਸਲਾ ਲਿਆ ਹੈ।
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਰਿਟਾਇਰਮੈਂਟ ਤੋਂ ਬਾਅਦ ਅਤੇ ਬੁਢਾਪੇ ਦੀ ਚਿੰਤਾ ਦੂਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਲੋਕਾਂ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਵਿੱਚ 6 ਫੀਸਦੀ ਵਾਧਾ ਕਰ ਕੇ ਉਨ੍ਹਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦੀ ਖੁਸ਼ੀ ਹਰ ਮੁਲਾਜ਼ਮ ਦੇ ਚਿਹਰੇ ‘ਤੇ ਦਿਸਦੀ ਹੈ ਅਤੇ ਹੁਣ ਹਰ ਮੁਲਾਜ਼ਮ ਇਹ ਦੀਵਾਲੀ ਦੀ ਖੁਸ਼ੀ ਆਪਣੇ ਪਰਿਵਾਰ ਨਾਲ ਦੁੱਗਣੀ ਕਰਕੇ ਮਨਾਵੇਗਾ।