ਰਾਲੀ ਦੀ ਵਾਤਾਵਰਣ ਪੱਖੀ ਸੰਭਾਲ ਬਾਰੇ ਜਾਗਰੂਕ ਕਰਨ ‘ਤੇ ਜ਼ੋਰ
ਰਘਵੀਰ ਹੈਪੀ, ਬਰਨਾਲਾ, 26 ਅਕਤੂਬਰ 2022
ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ‘ਤੇ ਜ਼ੋਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਨੋਡਲ ਅਫਸਰ ਕਿਸਾਨਾਂ ਨਾਲ ਰਾਬਤਾ ਬਣਾ ਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ। ਉਨ੍ਹਾਂ ਖੇਤੀਬਾਡ਼ੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਅਤੇ ਮਸ਼ੀਨਰੀ ਮਾਲਕਾਂ ਦਾ ਰਾਬਤਾ ਜਲਦ ਕਰਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਰਾਬਤੇ ਨਾਲ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਕਮੀ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਜਾਵੇਗੀ, ਉਨ੍ਹਾਂ ਦਾ ਮਾਲ ਰਿਕਾਰਡ ਘੋਖ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਵੱਡੀ ਗਿਣਤੀ ਵਿੱਚ ਬੇਲਰਾਂ ਅਤੇ ਹੋਰ ਮਸ਼ੀਨਰੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਵਰਿੰਦਰ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।